ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
-ਕਿਹਾ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ
-ਪਾਰਦਰਸ਼ੀ, ਜਵਾਬਦੇਹ, ਸਕਾਰਾਤਮਕ ਅਤੇ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣ ਦਾ ਅਹਿਦ
ਚੰਡੀਗੜ੍ਹ, 7 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਸ੍ਰੀ ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਸ੍ਰੀ ਦਵਿੰਦਰਜੀਤ ਸਿੰਘ ਲਾਡੀ ਤੇ ਸ੍ਰੀ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।
ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।