-ਸਿਹਤ ਮੰਤਰੀ ਬਨਣ ਮਗਰੋਂ ਪਹਿਲੀ ਵਾਰ ਪਟਿਆਲਾ ਪੁੱਜੇ ਚੇਤਨ ਸਿੰਘ ਜੌੜਾਮਾਜਰਾ ਦਾ ਭਰਵਾਂ ਸਵਾਗਤ
ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ-ਚੇਤਨ ਸਿੰਘ ਜੌੜਾਮਾਜਰਾ
-ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ ਜਾਵੇਗਾ-ਸਿਹਤ ਮੰਤਰੀ
ਪਟਿਆਲਾ, 8 ਜੁਲਾਈ : ਸੁਨੀਤਾ/ਨਿਊਜ਼ਲਾਈਨ ਐਕਸਪ੍ਰਐਸ – ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ।
ਸਿਹਤ ਮੰਤਰੀ ਸ. ਜੌੜਾਮਾਜਰਾ, ਜੋ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪੁੱਜੇ ਸਨ, ਦਾ ਇੱਥੇ ਸਰਕਟ ਹਾਊਸ ਵਿਖੇ ਵਿਧਾਇਕ ਡਾ. ਬਲਬੀਰ ਸਿੰਘ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ ਅਤੇ ਕੁਲਵੰਤ ਸਿੰਘ ਬਾਜ਼ੀਗਰ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨੇ ਸਵਾਗਤ ਕੀਤਾ। ਪਟਿਆਲਾ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਸ. ਜੌੜਾਮਾਜਰਾ ਨੂੰ ਸਲਾਮੀ ਦਿੱਤੀ ਗਈ।
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੁਹੱਲਾ ਕਲੀਨਿਕ ਵੀ ਇਸੇ ਕੜੀ ਦਾ ਇੱਕ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰਾਜ ‘ਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿਸ ਨਾਲ ਸਾਡੇ ਸੂਬੇ ਦੇ ਨੌਜਵਾਨਾਂ ਨੂੰ ਮੈਡੀਕਲ ਦੀ ਪੜ੍ਹਾਈ ਵਿਦੇਸ਼ਾਂ ‘ਚ ਜਾ ਕੇ ਕਰਨ ਦੀ ਲੋੜ ਨਹੀਂ ਰਹੇਗੀ।
ਸ. ਜੌੜਾਮਾਜਰਾ ਨੇ ਇੱਕ ਸਵਾਲ ਦੇ ਜਵਾਬ ‘ਚ ਆਖਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਉਹ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸਾ ‘ਤੇ ਖਰਾ ਉਤਰਨਗੇ ਅਤੇ ਆਪਣੀਆਂ ਸਮੁੱਚੀਆਂ ਜਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।
ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਡੀ.ਐਮ. ਡਾ ਇਸਮਤ ਵਿਜੇ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਐਚ.ਐਸ. ਰੇਖੀ, ਸਿਵਲ ਸਰਜਨ ਡਾ. ਰਾਜੂ ਧੀਰ ਤੇ ਜ਼ਿਲ੍ਹਾ ਸਿਹਤ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ‘ਚ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਤੋਂ ਇਲਾਵਾ ਬਿਤਹਰ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਸਿਹਤ ਮੰਤਰੀ ਵਜੋਂ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪਟਿਆਲਾ ਜ਼ਿਲ੍ਹੇ ‘ਚ ਪਲੇਠੀ ਆਮਦ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਨ ਲਈ ਆਪ ਪਾਰਟੀ ਦੇ ਸੂਬਾ ਪ੍ਰਧਾਨ ਐਸ.ਸੀ. ਵਿੰਗ ਅਮਰੀਕ ਸਿੰਘ ਬੰਗੜ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਮੇਜਰ ਆਰ ਪੀ ਐਸ ਮਲਹੋਤਰਾ, ਸੁਰਜੀਤ ਸਿੰਘ ਪਹਾੜੀਪੁਰ, ਦਲਜੀਤ ਸਿੰਘ ਦਾਨੀਪੁਰ ਆਦਿ ਸਮੇਤ ਵੱਡੀ ਗਿਣਤੀ ਸਮਰਥਕ, ਆਪ ਪਾਰਟੀ ਦੇ ਆਗੂ ਤੇ ਸ਼ਹਿਰ ਨਿਵਾਸੀ ਪੁੱਜੇ ਹੋਏ ਸਨ।
ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦਾ ਬਨੂੜ ਤੇ ਰਾਜਪੁਰਾ ਵਿਖੇ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ ਸੀ। ਜਦਕਿ ਸਮਾਣਾ ਵਿਖੇ ਵੀ ਸ. ਜੌੜਾਮਾਜਰਾ ਦੇ ਸਮਰਥਕਾਂ, ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਸਮੇਤ ਸਥਾਨਕ ਨਿਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।