ਮੋਹਾਲੀ, 13 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜੰਗਲਾਤ ਘੋਟਾਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਿਲਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਸੈਕਟਰ 37 ਤੋਂ ਦਿਲਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਗਿਲਜੀਆ ਖਿਲਾਫ ਦਰਜ ਜੰਗਲਾਤ ਘੋਟਾਲੇ ਦੇ ਮਾਮਲੇ ‘ਚ ਹੀ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਚ ਜੰਗਲਾਤ ਮਹਿਕਮੇ ‘ਚ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ‘ਚ ਹੁਣ ਦਿਲਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਹੈ। ਧਰਮਸੋਤ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਨਾਮ ਸਾਹਮਣੇ ਆਉਣ ਤੋਂ ਬਾਅਦ ਹੀ ਉਹ ਅੰਡਰਗ੍ਰਾਊਂਡ ਹਨ ਤੇ ਪੁਲਿਸ ਵੱਲੋਂ ਭਾਲ ਜਾਰੀ ਹੈ।
ਗਿਲਜੀਆਂ ਵੱਲੋਂ ਗ੍ਰਿਫਤਾਰੀ ਤੋਂ ਬਚਣ ਲਈ ਪਹਿਲਾਂ ਹੀ ਰਾਹਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਉਹਨਾਂ ਵੱਲੋਂ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਅਰਜ਼ੀ ਲਾਈ ਗਈ ਸੀ। ਦੱਸ ਦੇਈਏ ਕਿ ਧਰਮਸੋਤ ਜੰਗਲਾਤ ਮੰਤਰੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰਕੇ ਰਿਮਾਂਡ ‘ਤੇ ਲਿਆ ਹੈ। ਧਰਮਸੋਤ ਦੇ ਨਾਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ‘ਤੇ ਵੀ ਕਰੋੜਾਂ ਦੇ ਘੁਟਾਲੇ ਦੇ ਆਰੋਪ ਲੱਗੇ ਹਨ।