ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ; ਬਣਿਆ ਖਿੱਚ ਦਾ ਕੇਂਦਰ
ਅੰਮ੍ਰਿਤਸਰ, 26 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ ਪਰ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੇਸ਼ ਭਰ ਤੋਂ ਵੱਖ-ਵੱਖ ਥਾਵਾਂ ਤੋਂ ਪਹੁੰਚੇ 300 ਤੋਂ ਵੱਧ ਕਾਰੀਗਰ ਦਿਨ-ਰਾਤ ਹਰਿਮੰਦਰ ਸਾਹਿਬ ਦੀ ਸਜਾਵਟ ਕਰਨ ਵਿਚ ਲੱਗੇ ਹੋਏ ਹਨ। ਇਸ ਸਾਲ ਸ੍ਰੀ ਹਰਿਮੰਦਰ ਸਾਹਿਬ ਨੂੰ 115 ਕਿਸਮਾਂ ਦੇ ਦੇਸੀ ਅਤੇ ਦਰਾਮਦ ਕੀਤੇ 110 ਟਨ ਫੁੱਲਾਂ ਨਾਲ ਸਜਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਅਲੌਕਿਕ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। 28 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਵੇਰੇ 7 ਵਜੇ ਪੁਰਾਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇਗਾ। ਇਸੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ।