???? ਦੋ ਰੋਜ਼ਾ ਦੂਜੀ ਪੈਰਾ ਐਥਲਟਿਕ ਪੰਜਾਬ ਸਟੇਟ ਚੈਂਪੀਅਨਸ਼ਿਪ 18 ਜਨਵਰੀ ਤੋਂ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਹੋਵੇਗੀ : ਪ੍ਰਧਾਨ ਚਰਨਜੀਤ ਬਰਾੜ
ਪਟਿਆਲਾ, 12 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ- ਪੰਜਾਬ ਪੈਰਾ ਸਪੋਰਟਸ ਐਸੋ. ਦੇ ਪ੍ਰਧਾਨ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਦੋ ਰੋਜ਼ਾ ਦੂਜੀ ਪੈਰਾ ਐਥਲਟਿਕ ਪੰਜਾਬ ਸਟੇਟ ਚੈਂਪੀਅਨਸ਼ਿਪ 18 ਤੇ 19 ਜਨਵਰੀ ਨੂੰ ਪੰਜਾਬੀ ’ਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ 12 ਜਨਵਰੀ ਸ਼ਾਮ ਤੋਂ ਸ਼ੁਰੂ ਹੈ। ਜਿਹੜੇ ਖਿਡਾਰੀ ਇਸ ਐਥਲੈਟਿਕ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ, ਉਨ੍ਹਾਂ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਕੀਤੀ ਜਾਵੇਗੀ। ਪ੍ਰਧਾਨ ਬਰਾੜ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਵੱਡੇ ਪੱਧਰ ’ਤੇ ਜਿਥੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਪੰਜਾਬ ਪੈਰਾ ਸਪੋਰਟਸ ਐਸੋ. ਵਲੋਂ ਵੱਖ-ਵੱਖ ਚੈਂਪੀਅਨਸ਼ਿਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਖਿਡਾਰੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਮੌਕੇ ਮਿਲ ਸਕਣ ਅਤੇ ਖੇਡਾਂ ਵਿਚ ਉਹ ਆਪਣਾ ਭਵਿੱਖ ਬਣਾ ਸਕਣ। ਸ. ਬਰਾੜ ਨੇ ਕਿਹਾ ਕਿ ਪੰਜਾਬ ਦੇ ਕਈ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਤਰਾਸ਼ਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਿਊਜ਼ਲਾਈਨ ਐਕਸਪ੍ਰੈਸ ਨੂੰ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮੀਤ ਪ੍ਰਧਾਨ ਜਗਜੀਤ ਸਿੰਘ ਮਾਨ, ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ, ਕੈਸ਼ੀਅਰ ਸੁਖਵਿੰਦਰ ਸਿੰਘ ਭੁੱਲਰ ਅਤੇ ਮੈਂਬਰ ਦਵਿੰਦਰ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ।
Newsline Express