*???? ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*
ਚੰਡੀਗੜ੍ਹ, 3 ਮਾਰਚ – ਰਾਕੇਸ਼ ਕੌਸ਼ਲ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
*Newsline Express*