???? ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਖਿਲਾਫ ਪੁਲਿਸ ਕਾਰਵਾਈ ਤੋਂ ਦੇਸ਼ ਭਗਤ ਹਿੰਦੂ ਸੰਗਠਨ ਸੰਤੁਸ਼ਟ
???? ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਕਾਰਵਾਈ ਇੱਕ ਵੱਡਾ ਅਤੇ ਸ਼ਲਾਘਾਯੋਗ ਕਦਮ: ਵਿਜੇ ਕਪੂਰ
???? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਦੀ ਵੱਡੀ ਚੇਤਾਵਨੀ
ਪਟਿਆਲਾ, 21 ਮਾਰਚ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ‘ਚ ਪਿਛਲੇ ਕੁਝ ਮਹੀਨਿਆਂ ਤੋਂ ਗੈਰ-ਕਾਨੂੰਨੀ ਕਾਰਵਾਈਆਂ ਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੀ ਸੰਸਥਾ “ਵਾਰਿਸ ਪੰਜਾਬ ਦੇ” ਦੇ ਪ੍ਰਧਾਨ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਗਈ ਕਾਰਵਾਈ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਭਗਤ ਹਿੰਦੂ ਸੰਗਠਨਾਂ ਨੇ ਪੁਲਿਸ ਦੀ ਤਾਰੀਫ ਕੀਤੀ ਹੈ। ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਨੇ ਪੁਲਿਸ ਦੇ ਇਸ ਵੱਡੇ ਫੈਸਲੇ ਅਤੇ ਵੱਡੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੀ ਜਥੇਬੰਦੀ ਪਿਛਲੇ ਸਾਲ ਤੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਪੰਜਾਬ ਪੁਲਿਸ ਵੱਲੋਂ ਨਿਡਰਤਾ ਨਾਲ ਕੀਤੀ ਗਈ ਕਾਰਵਾਈ ਨੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਅਤੇ ਲੋਕਤੰਤਰ ਤੋਂ ਵੱਡਾ ਕੋਈ ਵੀ ਵਿਅਕਤੀ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਅੰਮ੍ਰਿਤਪਾਲ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿਰੁੱਧ ਸਮੇਂ-ਸਮੇਂ ‘ਤੇ ਆਵਾਜ਼ ਉਠਾਉਂਦੀ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਜਲਦੀ ਹੀ ਅੰਮ੍ਰਿਤਪਾਲ ਅਤੇ ਉਸ ਦੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਦਾ ਪਰਦਾਫਾਸ਼ ਕਰੇਗੀ। ਵਿਜੇ ਕਪੂਰ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਅਜਨਾਲਾ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ ਅਤੇ ਰੱਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦੀ ਪ੍ਰੇਮ ਭਰੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਹੁਣ ਅੰਮ੍ਰਿਤਪਾਲ ਦੇ ਬਹੁਤੇ ਕਰੀਬੀ ਸਾਥੀਆਂ ਦੀ ਗ੍ਰਿਫਤਾਰੀ ਦੀ ਖਬਰ ਸੁਣ ਕੇ ਪੰਜਾਬ ਦੇ ਹਿੱਤ ਬਾਰੇ ਸੋਚਣ ਵਾਲਾ ਹਰ ਵਿਅਕਤੀ ਖੁਸ਼ੀ ਦਾ ਇਜ਼ਹਾਰ ਕਰੇਗਾ। ਇਸ ਮੌਕੇ ਵਿਜੇ ਕਪੂਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਜਾ ਰਹੇ ਪੂਰਨ ਸਹਿਯੋਗ ਦੀ ਸ਼ਲਾਘਾ ਵੀ ਕੀਤੀ।
Newsline Express