“ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ”
-ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ
* ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ”
* ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾ : ਮੁੱਖ ਮੰਤਰੀ
* ਨੌਜਵਾਨਾਂ ਦੇ ਹੱਥਾਂ ‘ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂ : ਮੁੱਖ ਮੰਤਰੀ
* ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ
* ਲੋਕਾਂ ਵਲੋਂ ਜਤਾਏ ਭਰੋਸੇ ਲਈ ਮੁੱਖ ਮੰਤਰੀ ਨੇ ਕੀਤਾ ਧੰਨਵਾਦ
ਚੰਡੀਗੜ੍ਹ, 24 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ। ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ।