????ਫ਼ਰਾਰ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਸੀ.ਬੀ.ਆਈ. ਅਤੇ ਇੰਟਰਪੋਲ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਲਿਖਿਆ ਪੱਤਰ
ਚੰਡੀਗੜ੍ਹ, 19 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀ.ਬੀ.ਆਈ. ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟੈਂਡਰ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਐਫਆਈਆਰ ਨੰ. 11 ਮਿਤੀ 16-08-2022 ਦੀ ਪੜਤਾਲ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁੱਖ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਰਿਸ਼ਵਤ ਦੀ ਵੱਡੀ ਰਕਮ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਨੇ ਆਪਣੇ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਦੇ ਨਾਮ ‘ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਜਾਣੂ ਸਰੋਤਾਂ ਤੋਂ 1.36,56,005 ਰੁਪਏ ਵੱਧ ਹਨ ਜੋ ਕਿ 58.97 ਫ਼ੀਸਦ ਵਾਧਾ ਬਣਦਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਮਿਤੀ 01-04-2011 ਤੋਂ ਮਿਤੀ 31-07-2022 ਤੱਕ ਦੀ ਚੈਕਿੰਗ ਮਿਆਦ ਦੌਰਾਨ ਪਾਇਆ ਗਿਆ ਕਿ ਦੋਸ਼ੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਅਤੇ ਇਹਨਾਂ ‘ਤੇ 3,68,15,757 ਰੁਪਏ ਦੀ ਰਕਮ ਖਰਚ ਕੀਤੀ ਜਦੋਂ ਕਿ ਉਨ੍ਹਾਂ ਦੀ ਅਸਲ ਆਮਦਨ ਸਿਰਫ਼ 2,31,59,752 ਰੁਪਏ ਸੀ। ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 8 ਮਿਤੀ 19-04-2023 ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ ਅਤੇ ਉਸ ਨੇ ਠੇਕੇ ਅਲਾਟ ਕਰਾਉਣ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਪਰੋਕਤ ਦੋਸ਼ੀ ਐਫ.ਆਈ.ਆਰ. ਨੰਬਰ 11/2022 ਵਿੱਚ ਵੀ ਸ਼ਾਮਲ ਹੈ ਅਤੇ ਉਸ ਨੇ ਤੇਲੂ ਰਾਮ ਤੋਂ 20 ਲੱਖ ਰੁਪਏ ਉਸਦੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਰਿਸ਼ਵਤ ਵਜੋਂ ਲਏ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਉਪਰੋਕਤ ਕੇਸ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ ‘ਤੇ ਉਸ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 3.12.2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੁਆਰਾ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਅਤੇ 27.03.2023 ਨੂੰ ਸੀ.ਬੀ.ਆਈ. ਅਤੇ ਇੰਟਰਪੋਲ, ਨਵੀਂ ਦਿੱਲੀ ਨੂੰ ਇਸ ਬਾਰੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।