???? ਸੁਲਤਾਨਪੁਰ ਲੋਧੀ ਦੇ ਗੁਰਦੁਆਰੇ ‘ਤੇ ਨਿਹੰਗ ਧੜਿਆਂ ਵੱਲੋਂ ਕਬਜ਼ੇ ਦੌਰਾਨ ਪੁਲਿਸ ਉਤੇ ਹੋਏ ਹਮਲੇ ਵਿੱਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਨੂੰ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸ਼ਰਧਾਂਜਲੀ
ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰੇ ‘ਤੇ ਕਬਜ਼ਾ ਕਰਨ ਨੂੰ ਲੈ ਕੇ ਨਿਹੰਗ ਜਥੇਬੰਦੀ ਦੇ ਦੋ ਧੜਿਆਂ ਵਿਚਾਲੇ ਪਿਛਲੇ ਦਿਨੀਂ ਹੋਏ ਵਿਵਾਦ ਦੌਰਾਨ ਪੰਜਾਬ ਪੁਲਿਸ ‘ਤੇ ਹਥਿਆਰਬੰਦ ਨਿਹੰਗਾਂ ਵੱਲੋਂ ਕੀਤੀ ਗੋਲੀਬਾਰੀ ‘ਚ ਸ਼ਹੀਦ ਹੋਏ ਹੋਮਗਾਰਡ ਪੰਜਾਬ ਪੁਲਿਸ ਦੇ ਜਵਾਨ ਨੂੰ ਸ਼ਿਵ ਸੈਨਾ ਹਿੰਦੁਸਤਾਨ ਨੇ ਹਮਦਰਦੀ ਅਤੇ ਸ਼ਰਧਾਂਜਲੀ ਦਿੱਤੀ ਹੈ ਅਤੇ ਨਾਲ ਹੀ ਅਜਿਹੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ ਕੀਤੀ ਹੈ।
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਉਕਤ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ‘ਚ ਪੰਜਾਬ ਪੁਲਿਸ ਦੇ ਜਵਾਨਾਂ ਉਤੇ ਹਥਿਆਰਬੰਦ ਹਮਲਾ ਬਹੁਤ ਹੀ ਨਿੰਦਣਯੋਗ ਕਾਰਾ ਹੈ, ਇਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਨਿਹੰਗ ਜਥੇਬੰਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲੀਸ ਦੇ ਏਡੀਜੀਪੀ ਰੈਂਕ ਦੇ ਪੁਲੀਸ ਅਧਿਕਾਰੀ ਇਨ੍ਹਾਂ ਨਾਲ ਗੱਲਬਾਤ ਕਰਕੇ ਨਰਮ ਰਵੱਈਆ ਅਪਣਾਉਂਦੇ ਹਨ ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਸ ਢਿੱਲੇ ਰਵੱਈਏ ਕਾਰਨ ਪੰਜਾਬ ਪੁਲਿਸ ਦਾ ਮਨੋਬਲ ਦਿਨੋਂ-ਦਿਨ ਲਗਾਤਾਰ ਡਿੱਗਦਾ ਜਾ ਰਿਹਾ ਹੈ ਅਤੇ ਇਸ ਦਾ ਸਬੂਤ ਇਹ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਅਪਰਾਧੀਆਂ ਦਾ ਮਨੋਬਲ ਲਗਾਤਾਰ ਵੱਧਦਾ ਜਾ ਰਿਹਾ ਹੈ।
ਪਵਨ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਜਾਣਨਾ ਚਾਹੁੰਦਾ ਹੈ ਕਿ ਜਦੋਂ ਕੋਈ ਵੀ ਸ਼ਿਵ ਸੈਨਾ ਆਗੂ ਅੱਤਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਬਿਨਾਂ ਕਿਸੇ ਕਾਰਨ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਜੇਕਰ ਕਿਸੇ ਹੋਰ ਭਾਈਚਾਰੇ ਦਾ ਕੋਈ ਅਪਰਾਧੀ ਕਾਨੂੰਨ ਤੋੜਦਾ ਹੈ ਤਾਂ ਉਨ੍ਹਾਂ ਨਾਲ ਸਥਿਤੀ ਨੂੰ ਸ਼ਾਂਤ ਕਰਨ ਲਈ ਅਤੇ ਭਾਈਚਾਰਕ ਸਾਂਝ ਦੇ ਨਾਂ ‘ਤੇ ਨਰਮ ਰਵੱਈਆ ਅਪਣਾਇਆ ਜਾਂਦਾ ਹੈ, ਅਜਿਹਾ ਵਿਤਕਰਾ ਕਿਉਂ ?
ਸ੍ਰੀ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਦੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਮੰਗ ਹੈ ਕਿ ਜੋ ਵੀ ਅਪਰਾਧੀ ਜਾਂ ਸੰਗਠਨ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਂਦਾ ਹੈ, ਉਸ ਨਾਲ ਕਾਨੂੰਨ ਅਨੁਸਾਰ ਨਜਿੱਠਿਆ ਜਾਵੇ, ਭਾਵੇਂ ਉਹ ਕਿਸੇ ਵੀ ਜਾਤ, ਧਰਮ ਜਾਂ ਫਿਰਕੇ ਦਾ ਹੋਵੇ, ਤਾਂ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਜੁੱਰਤ ਨਾਂ ਕਰੇ।
Newsline Express