-ਮੁੱਖ ਮੰਤਰੀ ਵੱਲੋਂ ਗੁਰਦੀਪ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
-ਸੰਸਦ ਮੈਂਬਰ ਪ੍ਰਨੀਤ ਕੌਰ ਨੇ ਗੁਰਦੀਪ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਪਟਿਆਲਾ, 13 ਜੁਲਾਈ : ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ. ਜਗਜੀਤ ਸਿੰਘ ਸੱਗੂ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਦਾ ਪੀ.ਜੀ.ਆਈ. ਵਿਖੇ ਦੇਹਾਂਤ ਹੋ ਗਿਆ। ਉਹ 47 ਵਰ੍ਹਿਆਂ ਦੇ ਸਨ ਅਤੇ ਆਪਣੇ ਪਤੀ ਅਤੇ ਇੱਕ ਪੁੱਤਰੀ ਸਮੇਤ ਹੋਰ ਪਰਿਵਾਰਕ ਜੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਜਿਕਰਯੋਗ ਹੈ ਕਿ ਉਹ ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ‘ਚ ਫੱਟੜ ਹੋ ਗਏ ਸਨ ਅਤੇ ਪੀ.ਜੀ.ਆਈ. ਵਿਖੇ ਜੇਰ-ਏ-ਇਲਾਜ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਦੀਪ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੱਗੂ ਪਰਿਵਾਰ, ਹੋਰਨਾਂ ਰਿਸਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਵੀ ਸ੍ਰੀਮਤੀ ਗੁਰਦੀਪ ਕੌਰ ਦੇ ਅਚਾਨਕ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਜਗਜੀਤ ਸਿੰਘ ਸੱਗੂ ਇੱਕ ਮਿਹਨਤੀ ਆਗੂ ਅਤੇ ਲੋਕਾਂ ਦੇ ਦੁੱਖ ਦਰਦ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਨੌਜਵਾਨ ਪੁੱਤਰ ਦਾ ਵੀ ਬੀਤੇ ਸਮੇਂ ਅਚਾਨਕ ਦੇਹਾਂਤ ਹੋਣ ਨਾਲ ਪਰਿਵਾਰ ਅਜੇ ਜਵਾਨ ਪੁੱਤਰ ਦੀ ਮੌਤ ਦੇ ਸਦਮੇ ਵਿੱਚੋਂ ਹੀ ਨਹੀਂ ਸੀ ਨਿਕਲਿਆ ਕਿ ਅੱਜ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਦੇ ਚਲਾਣੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਖ਼ੁਦ ਅਤੇ ਉਨ੍ਹਾਂ ਦਾ ਪਰਿਵਾਰ ਸ. ਜਗਜੀਤ ਸਿੰਘ ਸੱਗੂ ਦੇ ਪਰਿਵਾਰ ਦੀ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਉਹ ਵਿਛਛੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
ਪਰਿਵਾਰਕ ਮੈਂਬਰਾਂ ਮੁਤਾਬਿਕ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਰਾਜਪੁਰਾ ਰੋਡ ‘ਤੇ ਸਥਿਤ ਵੀਰ ਜੀ ਦੇ ਸ਼ਮਸ਼ਾਨ ਘਾਟ ਵਿਖੇ ਸ਼ਾਮ 7:30 ਵਜੇ ਕੀਤਾ ਜਾਵੇਗਾ।