ਚੰਡੀਗੜ੍ਹ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿਸ਼ਾਲ ਸੂਬਾ ਪੱਧਰੀ ਰੈਲੀ ਵਾਈ ਪੀ ਐਸ ਚੌਂਕ ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਇਸ ਮਹਾਰੈਲੀ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸੈਂਕੜੇ ਮੁਲਾਜ਼ਮਾਂ ਨੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਪੰਜਾਬ ਵੱਲੋਂ ਮਨਿਸਟੀਰੀਅਲ ਮੁਲਾਜਮਾਂ ਦੀਆਂ ਬਾਕੀ ਮੰਗਾਂ ਪੂਰੀਆਂ ਕਰਵਾਉਣ ਲਈ 8 ਨਵੰਬਰ ਤੋਂ ਸ਼ੁਰੂ ਹੋਈ ਕਲਮਛੋੜ ਹੜਤਾਲ ਕਾਰਨ ਵੀ ਮੁਲਾਜਮਾਂ ਵਿੱਚ ਨਿਰਾਸ਼ਤਾ ਦੇ ਨਾਲ ਨਾਲ ਭਾਰੀ ਰੋਸ ਫੈਲ ਗਿਆ ਹੈ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਨਵੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ ਸੂਬਾ ਸਰਕਾਰ ਦਾ ਮਾਮਲਾ ਸੀ, ਪਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਡੂੰਘੀ ਸੋਚ ਵਿਚਾਰ ਦੇ ਇਹ ਮੁਲਾਜ਼ਮ ਮਾਰੂ ਫੈਸਲਾ 01-01-2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਥੋਪ ਦਿੱਤਾ ਗਿਆ । ਜਿਸ ਨਾਲ ਮੁਲਾਜ਼ਮਾਂ ਦਾ ਭਵਿੱਖ ਹਨੇਰੇ ਵਿਚ ਚਲਾ ਗਿਆ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਖਤਮ ਕਰ ਦਿੱਤੀ ਗਈ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਯੋਜਨਾ ਤੁਰੰਤ ਲਾਗੂ ਕੀਤੀ ਜਾਵੇ।