ਚੰਡੀਗੜ੍ਹ, 19 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।