newslineexpres

Home ਪੰਜਾਬ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ‘ਚ ਕੀਤੀਆਂ ਵੱਡੇ ਪੱਧਰ ‘ਤੇ ਨਿਯੁਕਤੀਆਂ : ਕੇ.ਕੇ. ਸ਼ਰਮਾ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ‘ਚ ਕੀਤੀਆਂ ਵੱਡੇ ਪੱਧਰ ‘ਤੇ ਨਿਯੁਕਤੀਆਂ : ਕੇ.ਕੇ. ਸ਼ਰਮਾ

by Newslineexpres@1

-ਕੇ.ਕੇ. ਸ਼ਰਮਾ ਨੇ ਨਵ ਨਿਯੁਕਤ 32 ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ
-ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
-ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਮੁੱਖ ਮੰਤਰੀ ਦੀਆਂ ਮੁੱਢਲੀਆਂ ਤਰਜੀਹਾਂ ‘ਚ ਸ਼ਾਮਲ-ਬੀਬੀ ਰੰਧਾਵਾ

ਪਟਿਆਲਾ, 16 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ, ਉਥੇ ਹੀ ਵੱਡੀ ਪੱਧਰ ਤੇ ਸਿੱਖਿਆ ਵਿਭਾਗ ’ਚ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕੀਤਾ।
ਉਹ ਅੱਜ ਸੂਬੇ ਦੇ 2527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਵਰਚੂਅਲ ਸਮਾਗਮ ਦੌਰਾਨ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੀ ਮੌਜੂਦ ਸਨ।
ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵਿੱਚ ਸਰਬੋਤਮ ਮੁਕਾਮ ਹਾਸਲ ਕਰ ਚੁੱਕੀ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਹੁਣ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵੱਲੋਂ ਤਿਆਰ ਕੀਤੇ ਨਿਵੇਕਲੇ ਮਾਡਿਊਲ ਰਾਹੀਂ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਖਾਕਾ ਤਿਆਰ ਕੀਤਾ ਗਿਆ ਹੈ, ਜਿਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਐਡਵਾਂਸਡ ਸਿਖਲਾਈ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਦੀ ਗਿਣਤੀ ’ਚ ਕਾਫ਼ੀ ਵਾਧਾ ਹੋਇਆ ਹੈ ਤੇ ਉਸ ਹਿਸਾਬ ਨਾਲ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵੀ ਵਿਕਾਸ ਕੀਤਾ ਗਿਆ ਹੈ, ਉਥੇ ਹੀ ਵੱਡੀ ਪੱਧਰ ’ਤੇ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ 32 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ੍ਰੀ ਕੇ.ਕੇ. ਸ਼ਰਮਾ ਨੇ ਮੁਬਾਰਕਬਾਦ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

 


ਇਸ ਦੌਰਾਨ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਮੁਹਿੰਮ ਸ਼ੁਰੂ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਹਨ। ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ  ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਤੇ ਸੂਬੇ ਨੂੰ ਸਿੱਖਿਆ ਦੇ ਖੇਤਰ ’ਚ ਨੰਬਰ ਇੱਕ ਰੱਖਣ ’ਚ ਆਪਣਾ ਪੂਰਾ ਯੋਗਦਾਨ ਦੇਣਗੇ।
ਇਸ ਮੌਕੇ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਨਗਰ ਸੁਧਾਰ ਟਰੱਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਿੰਦਰ ਕੌਰ, ਤੇ ਮੀਡੀਆ ਕੁਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਲਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Related Articles

Leave a Comment