ਲੁਧਿਆਣਾ ਵਿੱਚ ਇਸ ਮਹੀਨੇ ਦੇ ਅੰਤ ਤੱਕ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼; ਸਾਰੇ ਨਾਲਿਆਂ ਵਿੱਚ ਬਾਇਓਰੈਮੇਡੀਏਸ਼ਨ ਸ਼ੁਰੂ ਕਰਨ ਦੀ ਹਦਾਇਤ
ਚੰਡੀਗੜ੍ਹ, 22 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਾਣੀ ਅਤੇ ਹਵਾ ਪ੍ਰਦੂਸ਼ਣ ਦਾ ਹੱਲ ਕਰਨ ਦੇ ਨਾਲ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ। ਵਾਤਾਵਰਣ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰਾਜ ਉਚ ਕਮੇਟੀ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੀ.ਐਸ.ਆਈ.ਈ.ਸੀ. ਵੱਲੋਂ ਚਲਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼.) ਨੂੰ 31 ਜੁਲਾਈ ਤੱਕ ਆਪਣੇ ਅਧੀਨ ਲੈਣ ਦੀ ਹਦਾਇਤ ਕੀਤੀ। ਉਹਨਾਂ ਨੇ ਵਿਭਾਗ ਨੂੰ ਉਹਨਾਂ ਸਾਰੇ ਡਰੇਨਾਂ, ਜਿਥੇ ਐਸ.ਟੀ.ਪੀਜ਼. ਦੀ ਸਥਾਪਨਾ ਵਿੱਚ ਸਮਾਂ ਲੱਗ ਰਿਹਾ ਹੈ, ਵਿੱਚ ਜਲਦ ਤੋਂ ਜਲਦ ਬਾਇਓਰੈਮੇਡੀਏਸ਼ਨ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬਾ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਤੁਰੰਤ ਰਾਹਤ ਦਿੱਤੀ ਜਾ ਸਕੇ।
ਮੁੱਖ ਤੌਰ ‘ਤੇ ਲੁਧਿਆਣਾ ਦੇ ਸੀਵਰੇਜ ਅਤੇ ਨਾਲਿਆਂ ਦੇ ਨਿਕਾਸ ਕਾਰਨ ਸਤਲੁਜ ਦਰਿਆ ਵਿੱਚ ਵੱਧ ਰਹੇ ਜਲ ਪ੍ਰਦੂਸ਼ਣ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਮਹਾਜਨ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਤ ਤੱਕ ਸਰਹਿੰਦ ਨਹਿਰ ਤੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਤਾਜ਼ਾ ਪਾਣੀ ਛੱਡਣ ਸਬੰਧੀ ਪ੍ਰਾਜੈਕਟ ਨੂੰ ਮੁਕੰਮਲ ਕੀਤਾ ਜਾਵੇ। ਉਹਨਾਂ 31 ਜੁਲਾਈ, 2021 ਤੱਕ ਲੁਧਿਆਣਾ ਵਿਖੇ 40 ਐਮ.ਐਲ.ਡੀ. ਅਤੇ 50 ਐਮ.ਐਲ.ਡੀ. ਦੇ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਲਈ ਵੀ ਕਿਹਾ। ਇਸ ਨਾਲ ਸਤਲੁਜ ਦਰਿਆ ਵਿੱਚ ਪ੍ਰਦੂਸ਼ਣ ਦਾ ਮੁੱਖ ਸਰੋਤ ਬਣ ਚੁੱਕੇ ਬੁੱਢੇ ਨਾਲੇ ਨੂੰ ਸਾਫ਼ ਕਰਨ ਵਿੱਚ ਵੀ ਸਹਾਇਤਾ ਮਿਲੇਗੀ।
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੰਟਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 628 ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 644 ਪਿੰਡਾਂ ਵਿੱਚ ਇਹ ਕੰਮ ਜਾਰੀ ਹੈ। ਮੁੱਖ ਸਕੱਤਰ ਨੇ ਵਿਭਾਗ ਨੂੰ ਬਾਕੀ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਅਮਲ ਵਿੱਚ ਲਿਆਉਣ ਲਈ ਕਿਹਾ ਜਿਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਸੂਬੇ ਨੇ ਘਰ-ਘਰ ਜਾ ਕੇ ਕੂੜਾ-ਕਰਕਟ ਇਕੱਠਾ ਕਰਨ ਅਤੇ ਇਸ ਨੂੰ ਵੱਖ ਕਰਨ ਦੇ ਮਾਮਲੇ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵੀ ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਯਤਨ ਕੀਤੇ ਜਾ ਰਹੇ ਹਨ।
ਮੁੱਖ ਸਕੱਤਰ ਨੇ ਵਿਭਾਗ ਨੂੰ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਰਾਲੇ ਤੇਜ਼ ਕਰਨ ਅਤੇ ਪੰਜਾਬ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਬਣਾਉਣ ਲਈ ਜਲਦ ਤੋਂ ਜਲਦ ਸ਼ਹਿਰੀ ਸਥਾਨਕ ਇਕਾਈਆਂ ਵਿਚ ਕੂੜੇ ਦੇ ਨਿਪਟਾਰੇ ਸਬੰਧੀ ਉਪਰਾਲੇ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਸੀਐਮਡੀ ਪੀ.ਐਸ.ਪੀ.ਸੀ.ਐਲ. ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਅਨੁਰਾਗ ਵਰਮਾ (ਸਾਇੰਸ ਤਕਨਾਲੌਜੀ ਅਤੇ ਵਾਤਾਵਰਣ), ਅਲੋਕ ਸ਼ੇਖਰ (ਉਦਯੋਗ ਅਤੇ ਵਣਜ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਵੀ ਮੌਜੂਦ ਸਨ।