11 ਲੱਖ ਲੋਕ ਪ੍ਰਭਾਵਿਤ
ਅਸਾਮ , 3 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਦੇਸ਼ ਭਰ ਵਿਚ ਮੌਨਸੂਨ ਦਾ ਮੀਂਹ ਜਾਰੀ ਹੈ। ਦੇਸ਼ ਭਰ ਦੇ ਲਗਪਗ ਸਾਰੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਉੱਤਰ-ਪੂਰਬ ਵਿਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨੀਪੁਰ ਅਤੇ ਅਸਾਮ ਵਿੱਚ ਹੜ੍ਹ ਆ ਗਿਆ ਹੈ। ਮਨੀਪੁਰ ਸਰਕਾਰ ਨੇ ਅੱਜ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ, ਜਦੋਂ ਕਿ ਸਕੂਲ 4 ਜੁਲਾਈ ਨੂੰ ਵੀ ਬੰਦ ਰਹਿਣਗੇ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਾਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਵਿਚ ਬਹੁਤ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।