ਓਡੀਸ਼ਾ, 8 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੁਰੀ ਵਿੱਚ ਐਤਵਾਰ ਨੂੰ ਭਗਵਾਨ ਜਗਨਨਾਥ ਦੀ ਇੱਕ ਵਿਸ਼ਾਲ ਰੱਥ ਯਾਤਰਾ ਕੱਢੀ ਗਈ, ਜਿਸ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ। ਇਸ ਦੇ ਨਾਲ ਹੀ ਰੱਥ ਯਾਤਰਾ ਦੌਰਾਨ ਭਗਦੜ ਵਰਗੀ ਸਥਿਤੀ ਹੋਣ ਕਾਰਨ ਇਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਾਂਗੀਰ ਵਾਸੀ ਲਲਿਤ ਬਗਰਾਤੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾ ਦਿੱਤਾ ਹੈ। ਇਸ ਦੌਰਾਨ ਜ਼ਖਮੀਆਂ ਨੂੰ ਇਲਾਜ ਲਈ ਪੁਰੀ ਦੇ ਜ਼ਿਲਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ।
ਰੱਥ ਖਿੱਚਦੇ ਸਮੇਂ ਵਾਪਰੀ ਘਟਨਾ: ਮੀਡੀਆ ਰਿਪੋਰਟਾਂ ਮੁਤਾਬਕ ਭਗਵਾਨ ਜਗਨਨਾਥ ਦੇ ਨੰਦੀਘੋਸ਼ ਰੱਥ ਨੂੰ ਖਿੱਚਦੇ ਸਮੇਂ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਜਿਸ ‘ਚ ਕਈ ਸ਼ਰਧਾਲੂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਓਡੀਸ਼ਾ ਦੇ ਸਿਹਤ ਮੰਤਰੀ ਮੁਕੇਸ਼ ਮਹਾਲਿੰਗ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਕਿ ਜ਼ਖ਼ਮੀ ਸ਼ਰਧਾਲੂਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
