ਚੰਡੀਗੜ੍ਹ, 16 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬੱਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਅਤੇ ਰਾਹ ਖੁੱਲ੍ਹਦਿਆਂ ਦਿੱਲੀ ਲਈ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਸ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਨਹੀਂ ਰੋਕੇ ਹਨ, ਅਸੀਂ ਤਾਂ ਦਿੱਲੀ ਜਾਣਾ ਚਾਹੁੰਦੇ ਹਾਂ, ਇਨ੍ਹਾਂ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਅ ਰਹੀ ਹੈ। ਆਗੂਆਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ’ਤੇ ਰਾਹ ਖੋਲ੍ਹਣ ਲਈ ਦਬਾਅ ਪਾਉਣ।