newslineexpres

Joe Rogan Podcasts You Must Listen
Home ਰਾਸ਼ਟਰੀ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਕੋਵਿਡ-19 ਰਾਹਤ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਕੋਵਿਡ-19 ਰਾਹਤ ਕਮੇਟੀ ਦੀ ਮੀਟਿੰਗ

by Newslineexpres@1

ਪਟਿਆਲਾ, 29 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਜ਼ਿਲ੍ਹਾ ਪੱਧਰੀ ਕੋਵਿਡ-19 ਰਾਹਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਕੋਵਿਡ-19 ਮਹਾਂਮਾਰੀ ਕਰਕੇ ਆਪਣੇ ਪਰਿਵਾਰਾਂ ਦੇ ਕਮਾਊ ਜੀਅ ਗਵਾਉਣ ਵਾਲੇ ਪਰਿਵਾਰਾਂ ਅਤੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ 10 ਅਗਸਤ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕੋਵਿਡ-19 ਕਰਕੇ ਪਰਿਵਾਰਾਂ ਦੇ ਕਮਾਊ ਜੀਅ ਗਵਾਉਣ ਵਾਲੇ ਆਸ਼ਰਿਤਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਹਾਲ ਤੱਕ ਇਨ੍ਹਾਂ ਆਸ਼ਰਿਤ ਪਰਿਵਾਰਾਂ ਤੱਕ ਮਿੱਥੇ ਸਮੇਂ ਅੰਦਰ ਪੁੱਜਦਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਅਜਿਹੇ 109 ਮਾਮਲਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ‘ਚੋਂ 87 ਜਣਿਆਂ ਨੂੰ ਜੂਨ 2021 ਮਹੀਨੇ ਦੀ ਵਿਧਵਾ ਪੈਨਸ਼ਨ ਦੇ ਦਿੱਤੀ ਗਈ ਹੈ। ਜਦੋਂਕਿ 71 ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 44 ਕੇਸ ਪਛਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਬੱਚਿਆਂ ਨੂੰ ਸਰਕਾਰ ਵੱਲੋਂ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਇਨ੍ਹਾਂ ਵਿੱਚੋਂ 36 ਬੱਚੇ ਨਿਜੀ ਸਕੂਲਾਂ ‘ਚ ਅਤੇ 16 ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਹਨ। ਇਸ ਤੋਂ ਇਲਾਵਾ 3 ਕੇਸ ਬੁਢਾਪਾ ਪੈਨਸ਼ਨ ਦੇ ਵੀ ਸਾਹਮਣੇ ਆਏ ਹਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿਤੇ ਕਿ ਉਹ ਕੋਵਿਡ-19 ਪ੍ਰਭਾਵਤ ਬੱਚਿਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਪਹਿਲ ਦੇਣ।
ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਕਰਕੇ ਆਪਣੇ ਪਰਿਵਾਰ ਦਾ ਕਮਾਊ ਜੀਅ ਗਵਾਉਣ ਵਾਲੇ ਲੋਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਨੋਡਲ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਸਬੰਧ ‘ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਡੀ.ਸੀ. ਦਫ਼ਤਰ, ਏ ਬਲਾਕ ਦਾ ਕਮਰਾ ਨੰਬਰ 101 ਅਤੇ 135, 12ਵੀਂ ਤੱਕ ਮੁਫ਼ਤ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ, ਪ੍ਰਾਈਮਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਇੰਜ. ਅਮਰਜੀਤ ਸਿੰਘ, ਤਕਨੀਕੀ ਸਿੱਖਿਆ ਲਈ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਦੇ ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਸਮਾਰਟ ਰਾਸ਼ਨ ਕਾਰਡ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ, ਸਰਬਤ ਸਿਹਤ ਬੀਮਾ ਯੋਜਨਾ ਲਈ ਸਿਵਲ ਸਰਜਨ ਦਫ਼ਤਰ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਆਸ਼ਰਿਤ ਲੜਕੀਆਂ ਦੇ ਵਿਆਹ ਮੌਕੇ ਅਸ਼ੀਰਵਾਦ ਸਕੀਮ ਲਈ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ ਅਤੇ ਇਲਾਕੇ ਦੇ ਸੀ.ਡੀ.ਪੀ.ਓਜ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਅਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment