ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਲੱਗੇ ‘ਵਾਇਸ ਚਾਂਸਲਰ ਗੁੰਮਸ਼ੁਦਾ’ ਦੇ ਪੋਸਟਰ
ਪਟਿਆਲਾ, 11 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸੈਕੁਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫੀ) ਵਲੋਂ ‘ਵਾਇਸ ਚਾਂਸਲਰ ਗੁੰਮਸ਼ੁਦਾ ਦੇ ਪੋਸਟਰ ਲਗਾ ਦਿੱਤੇ ਗਏ ਹਨ। ਸੈਫ਼ੀ ਦੇ ਮੁੱਖ ਬੁਲਾਰੇ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਯੂਨੀਵਰਸਿਟੀ ਦਾ ਕੋਈ ਪੱਕਾ ਵਾਈਸ ਚਾਂਸਲਰ ਨਹੀਂ ਹੈ ਜਿਸ ਕਾਰਨ ਵਿਦਿਆਰਥੀ ਆਪਣੀਆਂ ਸਮੱਸਿਆਵਾਂ ਕਰਕੇ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸੈਫ਼ੀ ਦੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਨਾਰਦਨ ਸਿੰਘ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆ ਰਹੀਆ ਸਮੱਸਿਆ ਸੁਣਨ ਵਾਲੇ ਪ੍ਰਸਾਸ਼ਨਿਕ ਅਧਿਕਾਰੀਆਂ ਦਾ ਵਿਵਹਾਰ ਬਹੁਤ ਮਾੜਾ ਹੈ। ਬਿਨਾਂ ਵਾਈਸ ਚਾਂਸਲਰ ਤੋਂ ਵਿਦਿਆਰਥੀ ਆਪਣਾ ਪੱਖ ਕਿਸ ਕੋਲ ਰੱਖਣ। ਉਹਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਭਾਗਾਂ ਵਿੱਚ ਰੈਗੂਲਰ ਪ੍ਰੋਫ਼ੈਸਰਾਂ ਦੀਆਂ ਦੋ ਤਿਹਾਈ ਅਸਾਮੀਆਂ ਖਾਲੀ ਪਈਆਂ ਹਨ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰਮਾਣ ਪੱਤਰ ਅਤੇ ਡਿਗਰੀ ਛਪਾਈ ਵਾਲਾ ਪੇਪਰ ਖ਼ਤਮ ਹੈ ਜਿਥੋਂ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਦੇਖਿਆ ਜਾ ਸਕਦਾ ਹੈ।
