newslineexpres

Home Latest News ਐਨਕੇ ਸ਼ਰਮਾ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫ਼ਾ

ਐਨਕੇ ਸ਼ਰਮਾ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫ਼ਾ

by Newslineexpres@1

ਜ਼ੀਰਕਪੁਰ, 18 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਸੋਮਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫ਼ੈਸਲਾ ਲੰਘੇ ਦਿਨੀਂ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਰੋਸ ਵਜੋਂ ਲਿਆ ਹੈ।
ਸ੍ਰੀ ਸ਼ਰਮਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਾਫੀ ਨੇੜਲਿਆਂ ਵਿੱਚੋਂ ਹਨ। ਸ੍ਰੀ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਇਕ ਮੀਟਿੰਗ ਚੰਡੀਗੜ੍ਹ ਵਿਚ ਸੱਦੀ ਗਈ ਸੀ, ਹਾਲਾਂਕਿ ਇਸ ਵਿਚ ਕਮੇਟੀ ਨੇ ਸ੍ਰੀ ਬਾਦਲ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਨਹੀਂ ਲਿਆ। ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਵਿਚ ਦੱਸਿਆ ਕਿ ਅਸਤੀਫ਼ੇ ਬਾਰੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਡੈਲੀਗੇਟਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ ਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਕੀਤਾ ਜਾਵੇਗਾ।
ਦੂਜੇ ਪਾਸੇ ਸ੍ਰੀ ਸ਼ਰਮਾ ਨੇ ਇਸ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਢਾਹ ਲਾਉਣ ਲਈ ਸ੍ਰੀ ਬਾਦਲ ਖ਼ਿਲਾਫ਼ ਗਿਣੀ-ਮਿਥੀ ਸਾਜ਼ਿਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਇਸ ਪਾਰਟੀ ਦਾ ਵੱਡਾ ਰੋਲ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰੇਕ ਧਰਮ ਦਾ ਸਤਿਕਾਰ ਕੀਤਾ।

Related Articles

Leave a Comment