ਪਟਿਆਲਾ, 12 ਅਗਸਤ : ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ 15 ਅਗਸਤ 2021 ਤੱਕ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ‘ਚ ਕਿਹਾ ਗਿਆ ਹੈ ਕਿ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੇ ਦਿਹਾੜੇ ਦੇ ਸਨਮੁੱਖ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਕੀਤੇ ਜਾਣ ਦੀ ਕਿਸੇ ਵੀ ਸੰਭਾਵਨਾ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 21) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਅਨਮੈਨਡ ਏਅਰਕਰਾਫ਼ਟ ਸਿਸਟਮ ਜਾਂ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।