???? ਮਾਣਹਾਨੀ ਮਾਮਲੇ ਵਿਚ ਕੰਗਣਾ ਰਣੌਤ ਨੂੰ ਅਦਾਲਤ ਵਲੋਂ ਵੱਡਾ ਝਟਕਾ
ਬਠਿੰਡਾ, 29 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਦੇ ਚੰਬਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਬਠਿੰਡਾ ਅਦਾਲਤ ਨੇ ਕਾਫੀ ਸਖਤੀ ਦਿਖਾਈ ਹੈ। ਜਿਲ੍ਹਾ ਅਦਾਲਤ ਨੇ ਕੰਗਣਾ ਨੂੰ ਝਟਕਾ ਦਿੰਦਿਆਂ ਅਗਲੀ ਤਰੀਕ ਨੂੰ ਜਿਸਮਾਨੀ ਤੌਰ ਤੇ ਪੇਸ਼ ਹੋਣ ਸਬੰਧੀ ਸਖਤ ਹੁਕਮ ਦਿੱਤੇ ਹਨ। ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਣੀ ਹੈ ਅਤੇ ਇਸ ਮੌਕੇ ਕੰਗਨਾ ਨੂੰ ਹਰ ਹਾਲਤ ’ਚ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਦਾਲਤ ਕੰਗਣਾ ਖਿਲਾਫ ਗ੍ਰਿਫਤਾਰੀ ਵਰੰਟ ਜਾਰੀ ਕਰ ਸਕਦੀ ਹੈ। ਅਦਾਕਾਰਾ ਇਸ ਤੋਂ ਪਹਿਲਾਂ ਵੀ ਅਦਾਲਤ ’ਚ ਪੇਸ਼ ਹੋਣ ਤੋਂ ਟਾਲ ਮਟੋਲ ਕਰਦੀ ਆ ਰਹੀ ਹੈ ਅਤੇ ਅੱਜ ਵੀ ਕੰਗਣਾ ਵਲੋਂ ਆਏ ਵਕੀਲਾਂ ਨੇ ਅਦਾਕਾਰਾ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ।
ਵਕੀਲ ਦਾ ਇਹ ਵੀ ਕਹਿਣਾ ਸੀ ਕਿ ਭਾਜਪਾ ਸੰਸਦ ਮੈਂਬਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤ ਸਕਦੀ ਹੈ ਜਿਸ ਦਾ ਬੀਬੀ ਮਹਿੰਦਰ ਕੌਰ ਦੇ ਵਕੀਲ ਐਡਵੋਕੇਟ ਰਘਬੀਰ ਸਿੰਘ ਬਹਿਣੀਵਾਲ ਨੇ ਤਿੱਖਾ ਵਿਰੋਧ ਕੀਤਾ ਹੈ। ਐਡਵੋਕੇਟ ਬਹਿਣੀਵਾਲ ਨੇ ਦੱਸਿਆ ਕਿ ਅਦਾਲਤੀ ਇਤਿਹਾਸ ’ਚ ਇਹ ਕਦੇ ਨਹੀਂ ਹੋਇਆ ਕਿ ਕਿਸੇ ਵਿਅਕਤੀ ਨੂੰ ਪਹਿਲੀ ਪੇਸ਼ੀ ਤੇ ਹੀ ਇਸ ਤਰਾਂ ਦੀ ਰਿਆਇਤ ਦਿੱਤੀ ਗਈ ਹੋਵੇ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਕੰਗਣਾ ਦੇ ਵਕੀਲਾਂ ਨੂੰ ਕਾਫੀ ਸਖਤ ਲਹਿਜ਼ੇ ’ਚ ਅਗਲੀ ਤਰੀਕ ਤੇ ਪੇਸ਼ ਹੋਣਾ ਯਕੀਨੀ ਬਨਾਉਣ ਦੀ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਵੱਲੋਂ 12 ਸਤੰਬਰ ਨੂੰ ਭਾਜਪਾ ਸੰਸਦ ਮੈਂਬਰ ਦੀ ਪਟੀਸ਼ਨ ’ਤੇ ਸੁਣਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਬਠਿੰਡਾ ’ਚ ਜੁਡੀਸ਼ੀਅਲ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿਚ ਮੁੜ ਕੇਸ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਸੀ ਜਿਸ ਤੋਂ ਬਾਅਦ ਜਿਲ੍ਹਾ ਅਦਾਲਤ ਵੱਲੋਂ 29 ਸਤੰਬਰ ਦੀ ਸੁਣਵਾਈ ਤੈਅ ਕੀਤੀ ਗਈ ਸੀ।
Newsline Express
