9 ਦਸੰਬਰ ਨੂੰ 3 ਵਜੇ ਕੀਤਾ ਜਾਵੇਗਾ ਰੋਸ਼ ਮੁਜਾਹਰਾ
ਮੋਗਾ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ‘ਚ ਸੂਬੇ ਭਰ ‘ਚ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਚੋਣਾਂ ਵਿਚ ਬਾਕੀ ਮੁਲਾਜ਼ਮਾਂ ਦੇ ਨਾਲ ਹੀ ਪਹਿਲਾਂ ਤੋਂ ਬੀ ਐਲ ਓ ਡਿਊਟੀ ਕਰ ਰਹੇ ਮੁਲਜ਼ਮਾਂ ਤੇ ਅਧਿਆਪਕਾਂ ਦੀ ਡਿਊਟੀ ਵੀ ਲਗਾ ਦਿੱਤੀ ਗਈ। ਜਦੋਂ ਮੋਗਾ ਦੇ ਅਧਿਆਪਕਾਂ ਵਲੋਂ ਇਸਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਡੀਟੀਐੱਫ ਯੂਨੀਅਨ ਦੇ ਆਗੂਆਂ ਨੇ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰਟੀਓ ਕਮ ਰਿਟਰਨਿੰਗ ਅਫ਼ਸਰ ਵੱਲੋਂ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਹੋਰ ਬੀਐੱਲਓ ਅਧਿਆਪਕਾਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਲੋੜਵੰਦ ਅਤੇ ਗਰੀਬ ਵਿਦਿਆਰਥੀਆ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ। ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਆਗੂਆਂ ਨੇ ਦਸਿਆ ਕਿ ਨਿਹਾਲ ਸਿੰਘ ਵਾਲਾ ਦੇ ਸਿਵਲ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਅਧਿਆਪਕਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦਾ ਪੱਤਰ ਰੱਦ ਕਰਵਾਉਣ ਅਤੇ ਬੀ ਐਲ ਓ ਤੋਂ ਦੋਹਰੀ ਡਿਊਟੀ ਕਰਵਾਉਣ ਦੇ ਵਿਰੋਧ ਵਿੱਚ ਡੀ ਸੀ ਦਫ਼ਤਰ ਮੋਗਾ ਵਿਖੇ 9 ਦਸੰਬਰ ਨੂੰ 3 ਵਜੇ ਰੋਸ਼ ਪ੍ਰਦਰਸਨ ਕੀਤਾ ਜਾਵੇਗਾ।
