???? ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਭਗਵਾਨਪੁਰਾ ਉਰਫ਼ ਖੱਤਰੀਵਾਲਾ ਵਿਖੇ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ
???? ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਮੁੱਖ ਮੰਤਰੀ ਸਿਹਤ ਯੋਜਨਾ ਤੋਂ ਲੋਕ ਬਹੁਤ ਖੂਸ਼, ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ
ਪਟਿਆਲਾ, 4 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਭਗਵਾਨਪੁਰਾ ਉਰਫ਼ ਖੱਤਰੀਵਾਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਭਰਪੂਰ ਉਤਸ਼ਾਹ ਦਿਖਾਇਆ।
ਆਪਣੇ ਸੰਬੋਧਨ ਵਿੱਚ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸਦੇ ਤਹਿਤ ਲਗਾਤਾਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾ ਪਹਿਣਾਇਆ ਜਾ ਰਿਹਾ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਸਮੇਤ ਹਰ ਖੇਤਰ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ, ਜਿਸ ਨਾਲ ਕਿਸੇ ਨੂੰ ਵੀ ਇਲਾਜ ਲਈ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਨਾ ਹੀ ਇਲਾਜ ਵਾਸਤੇ ਕੋਈ ਕਰਜਾ ਲੈਣਾ ਪਵੇਗਾ। ਇਸ ਯੋਜਨਾ ਅਧੀਨ 2300 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਿਹਤ ਕਾਰਡ ਬਣਾਏ ਜਾ ਰਹੇ ਹਨ, ਜੋ ਕਿ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਇਹ ਇਤਿਹਾਸਕ ਕਦਮ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਤਰ੍ਹਾਂ ਦੇ ਕੈਂਪਾਂ ਵਿੱਚ ਸ਼ਾਮਲ ਹੋਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ ਦੇ ਹਰ ਘਰ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਈ ਜਾਵੇ ਤਾਂ ਜੋ ਸਾਰਿਆਂ ਨੂੰ ਇਸ ਲੋਕ ਭਲਾਈ ਯੋਜਨਾ ਦਾ ਲਾਭ ਮਿਲ ਸਕੇ। ਇਸ ਮੌਕੇ ਸਰਪੰਚ ਗੁਰਵੀਰ ਸਿੰਘ, ਸਤਗੁਰ ਸਿੰਘ, ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਡਾ. ਹਰਮੇਸ਼, ਬਲਵਿੰਦਰ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।
Newsline Express
