???? ਮੋਦੀ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫ਼ੈਸਲਾ
???? ਕੇਰਲਾ ਦਾ ਨਾਮ ਬਦਲ ਕੇ ‘ਕੇਰਲਮ’ ਕੀਤਾ
ਨਵੀਂ ਦਿੱਲੀ, 25 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੇਂ ਬਣੇ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ) ਭਵਨ ‘ਸੇਵਾ ਤੀਰਥ’ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਇਤਿਹਾਸਕ ਬੈਠਕ ਹੋਈ। ਕੇਂਦਰੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਮੌਕੇ ਕੈਬਨਿਟ ਨੇ ‘ਸੇਵਾ ਸੰਕਲਪ’ ਮਤਾ ਪਾਸ ਕਰਦਿਆਂ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਅਤੇ ਵਿਸ਼ਵ ਦੀ ਤੀਜੀ ਸਭਤੋਂ ਵੱਡੀ ਆਰਥਿਕਤਾ ਬਣਾਉਣ ਦੀ ਵਚਨਬੱਧਤਾ ਦੁਹਰਾਈ ਹੈ।
ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਰਕਾਰ ਵੱਲੋਂ ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਦੱਸਿਆ।ਇਸ ਦੌਰਾਨ ਜਾਣਕਾਰੀ ਦਿੰਦਿਆਂ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਬੈਠਕ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਕੇਰਲ ਰਾਜ ਦਾ ਨਾਂ ਬਦਲ ਕੇ ‘ਕੇਰਲਮ’ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਇਨਫਰਾਸਟਰਕਚਰ ਵਿਕਾਸ ਨੂੰ ਗਤੀ ਦੇਣ ਲਈ 12,236 ਕਰੋੜ ਰੁਪਏ ਦੇ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ ‘ਤੇ 1,677 ਕਰੋੜ ਰੁਪਏ ਦੀ ਲਾਗਤ ਨਾਲ ‘ਸਿਵਲ ਐਨਕਲੇਵ’ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਨਵਾਂ ਟਰਮੀਨਲ 71,500 ਵਰਗ ਮੀਟਰ ਵਿੱਚ ਬਣੇਗਾ, ਜਿਸ ਦੀ ਸਾਲਾਨਾ ਸਮਰੱਥਾ ਇਕ ਕਰੋੜ ਯਾਤਰੀਆਂ ਦੀ ਹੋਵੇਗੀ। ਇਸ ਨਾਲ ਇਲਾਕੇ ਵਿੱਚ ਰੁਜ਼ਗਾਰ ਅਤੇ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹਣਗੇ।
Newsline Express
