???? ਹਰਸਿਮਰਤ ਬਾਦਲ ਨੇ ਔਰਤਾਂ ਖਿਲਾਫ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰਨ ਲਈ CM ਭਗਵੰਤ ਮਾਨ ਵਿਰੁੱਧ FIR ਦਰਜ ਕਰਨ ਲਈ ਕੌਮੀ ਮਹਿਲਾ ਕਮਿਸ਼ਨ ਨੂੰ ਕੀਤੀ ਅਪੀਲ
ਚੰਡੀਗੜ੍ਹ, 12 ਮਾਰਚ : ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਖਿਲਾਫ ਕੀਤੀਆਂ ਗਈਆਂ ਬੇਹੱਦ ਇਤਰਾਜ਼ਯੋਗ, ਅਪਮਾਨਜਨਕ ਤੇ ਅਸ਼ਲੀਲ ਟਿੱਪਣੀਆਂ ਦਾ ਨੋਟਿਸ ਲਵੇ ਅਤੇ ਉਹਨਾਂ ਖਿਲਾਫ ਐਫ ਆਈ ਆਰ ਦਰਜ ਕਰਨ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹਦਾਇਤ ਦੇਵੇ।
ਕਮਿਸ਼ਨ ਦੇ ਚੇਅਰਪਰਸਨ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਉਹ ਔਰਤਾਂ ਨੂੰ ਪੀਲਾ ਭੂੰਡ ਅਤੇ ਪਾਕਿਸਤਾਨ ਦਾ ਝੰਡਾ ਕਰਾਰ ਦਿੰਦੇ ਸਨ ਤੇ ਜਿਹੋ ਜਿਹਾ ਸੂਟ ਪਾਇਆ ਹੁੰਦਾ ਸੀ, ਉਸ ਮੁਤਾਬਕ ਟਿੱਪਣੀਆਂ ਕਰਦੇ ਸਨ ਤੇ ਆਪਣੇ ਦੋਸਤਾਂ ਨੂੰ ਝੂਠ ਬੋਲਦੇ ਸਨ ਕਿ ਉਹਨਾਂ ਦਾ ਲੜਕੀ ਨਾਲ ਰਿਸ਼ਤਾ ਹੈ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਹੈ ਕਿ ਕਾਲਜ ਦਿਨਾਂ ਵਿਚ ਲੜਕੀਆਂ ਵਿਚੋਂ ਇਕ ਜਿਸਨੇ ਉਹਨਾਂ ਨਾਲ ਦੋਸਤੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਨੂੰ ਕਾਲਜ ਵਿਚ ਉਹਨਾਂ ਦਾ ਸਵਾਗਤ ਕਰਨ ਵਾਸਤੇ ਮਜਬੂਰ ਹੋਣਾ ਪਿਆ ਜਿਥੇ ਉਹ ਮੁੱਖ ਮਹਿਮਾਨ ਵਜੋਂ ਗਏ ਸਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਅਕਾਦਮਿਕ ਭਾਈਚਾਰੇ ਦੇ ਸਾਹਮਣੇ ਅਜਿਹੀਆਂ ਗੱਲਾਂ ਕੀਤੀਆਂ ਗਈਆਂ, ਉਸ ਨਾਲ ਔਰਤਾਂ ਦੇ ਮਾਣ ਸਨਮਾਨ ਨੂੰ ਵੱਡੀ ਠੇਸ ਪਹੁੰਚੀ ਹੈ ਤੇ ਗੁੰਡਾਗਰਦੀ, ਛੇੜਛਾੜ ਤੇ ਔਰਤਾਂ ਪ੍ਰਤੀ ਮੰਦੀ ਸ਼ਬਦਾਵਲੀ ਬੋਲਣ ਨੂੰ ਉਤਸ਼ਾਹ ਮਿਲਿਆ ਹੈ।
Newsline Express
