ਪਟਿਆਲਾ, 12 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਵੱਲੋਂ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਭਵਾਨੀਗੜ੍ਹ ਰੋਡ ’ਤੇ ਸਥਿਤ ਪਿੰਡ ਜਾਹਲਾਂ ਵਿਖੇ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇਹ ਧਰਨਾ ਸੰਗਰੂਰ ਰੋਡ ਤੋਂ ਦੱਖਣੀ ਬਾਈਪਾਸ ਦੇ ਕੋਲ ਲਾਇਆ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਚੱਲ ਰਹੇ ਦੂਜੇ ਧਰਨਿਆਂ ਕਾਰਨ ਪਹਿਲਾਂ ਹੀ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਹਿੱਲੀ ਹੋਈ ਹੈ। ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਨਾਲ ਮੀਟਿੰਗ ਤੇ ਅੜੇ ਹੋਏ ਹਨ। ਜਾਣਕਾਰੀ ਅਨੁਸਾਰ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਪਿਛਲੇ ਕਾਫੀ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰਦੇ ਆ ਰਹੇ ਹਨ। ਮੋਤੀ ਮਹਿਲ ਦੇ ਘਿਰਾਓ ਦੌਰਾਨ ਅਨੇਕਾਂ ਵਾਰ ਪੁਲੀਸ ਨਾਲ ਧੋਖਾਧੜੀ ਸਮੇਤ ਲਾਠੀਆਂ ਦਾ ਵੀ ਸਾਹਮਣਾ ਕਰਨਾ ਪਿਆ ਹੈ ਅੱਜ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਪ੍ਰਦਰਸ਼ਨ ਕਰਨ ਦੀ ਥਾਂ ਪਟਿਆਲਾ ਤੋਂ ਲਗਪਗ ਅੱਠ ਕਿਲੋਮੀਟਰ ਦੂਰ ਮੁੱਖ ਹਾਈਵੇ ਜਾਮ ਕਰ ਦਿੱਤਾ । ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਪਰ ਬੇਰੁਜ਼ਗਾਰ ਧਰਨੇ ਤੇ ਡਟੇ ਹੋਏ ਸਨ।