???? ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਵਿਭਾਗ ਮੰਤਰੀ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ, 12 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।

ਅਹੁਦਾ ਸੰਭਾਲਣ ਉਪਰੰਤ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ।

ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰਾਂ ਨੂੰ ਆਪਸ ਵਿੱਚ ਜੋੜ ਕੇ ਸੂਬੇ ਵਿੱਚ ਸੁਚਾਰੂ ਮਾਹੌਜ ਸਿਰਜਣਾ ਹੈ। ਅਮਨ ਅਰੋੜਾ ਨੇ ਕਿਹਾ, “ਮੇਰਾ ਟੀਚਾ ਪੰਜਾਬ ਨੂੰ ‘ਕਾਰੋਬਾਰ ਕਰਨ ਵਿੱਚ ਸੁਖਾਲਾ’ ਬਣਾਉਂਦਿਆਂ ਇੱਕ ਆਦਰਸ਼ ਸੂਬੇ ਵਜੋਂ ਸਥਾਪਤ ਕਰਨਾ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਲਈ ਸਨਮਾਨਜਨਕ ਅਤੇ ਹੁਨਰ-ਆਧਾਰਤ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।”

ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ।
Newsline Express
