????ਜਨਗਣਨਾ ਡਿਊਟੀ ਤੋਂ ਗੈਰਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ, ਐਫਆਈਆਰ ਦਰਜ ਕਰਨ ਲਈ ਪੁਲਿਸ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 21 ਮਈ – ਨਿਊਜ਼ਲਾਈਨ ਐਕਸਪ੍ਰੈਸ — ਜਨਗਣਨਾ ਕਾਰਜ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਅੰਮ੍ਰਿਤਸਰ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਇਆ ਹੈ। ਸੀਐਮਸੀ/ਐਮਸੀਏ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਵੱਲੋਂ ਵਾਰ-ਵਾਰ ਹਦਾਇਤਾਂ, ਲਿਖਤੀ ਯਾਦ ਦਿਹਾਣੀਆਂ ਅਤੇ ਲਾਜ਼ਮੀ ਟ੍ਰੇਨਿੰਗ ਸੈਸ਼ਨਾਂ ਦੇ ਬਾਵਜੂਦ ਡਿਊਟੀ ’ਤੇ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਜਨਗਣਨਾ ਅਧਿਕਾਰੀ-ਕਮ-ਮਿਊਂਸਿਪਲ ਕਮਿਸ਼ਨਰ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਆਈਏਐਸ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਜਨਗਣਨਾ ਐਕਟ 1948 ਦੀਆਂ ਸੰਬੰਧਿਤ ਧਾਰਾਵਾਂ ਤਹਿਤ ਗੈਰਹਾਜ਼ਰ ਕਰਮਚਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਤਨਖ਼ਾਹ ਵੀ ਰੋਕੀ ਜਾਵੇ।
ਪ੍ਰਸ਼ਾਸਨ ਨੇ ਸਪਸ਼ਟ ਕੀਤਾ ਕਿ ਜਨਗਣਨਾ ਰਾਸ਼ਟਰੀ ਮਹੱਤਤਾ ਵਾਲਾ ਕਾਰਜ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਜਾਣਬੁੱਝ ਕੇ ਗੈਰਹਾਜ਼ਰੀ ਜਾਂ ਅਸਹਿਯੋਗ ਨਾਲ ਸਰਕਾਰੀ ਯੋਜਨਾਬੰਦੀ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ’ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ।
ਅਧਿਕਾਰਕ ਜਾਣਕਾਰੀ ਅਨੁਸਾਰ ਜਨਗਣਨਾ ਸੁਪਰਵਾਈਜ਼ਰ ਵਜੋਂ ਤਾਇਨਾਤ ਕਈ ਕਰਮਚਾਰੀ ਵਾਰ-ਵਾਰ ਟੈਲੀਫੋਨਿਕ ਅਤੇ ਲਿਖਤੀ ਸੂਚਨਾਵਾਂ ਦੇ ਬਾਵਜੂਦ ਡਿਊਟੀ ’ਤੇ ਸ਼ਾਮਲ ਨਹੀਂ ਹੋਏ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ, ਉਹਨਾਂ ਵਿੱਚ :- ਨਿਧੀ ਅਗਰਵਾਲ, ਦਲਜੀਤ ਕੌਰ, ਰਿਤੂ ਸੈਣੀ, ਹਰਿਸ਼ਵਰ ਸ਼ਰਮਾ, ਪਦਮਜੀਤ, ਵਿਜੇ, ਪੂਨਮ ਬਾਲਾ, ਡਿੰਪਲ ਗਾਖੜ, ਰਾਜਿੰਦਰ ਸਿੰਘ, ਮਨਜੀਤ ਕੌਰ ਅਤੇ ਵੀਣਾ ਦੇ ਨਾਮ ਸ਼ਾਮਲ ਹਨ।
ਮਿਊਂਸਿਪਲ ਕਾਰਪੋਰੇਸ਼ਨ ਨੇ ਸਪਸ਼ਟ ਕੀਤਾ ਹੈ ਕਿ ਜਨਗਣਨਾ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਨਾਲ ਹੀ ਡਿਊਟੀ ਵਿੱਚ ਕੋਤਾਹੀ ਕਰਨ ਵਾਲੇ ਨਗਰ ਨਿਗਮ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਸ਼ਾਸਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ, ਬਾਕੀ ਰਹਿੰਦੇ ਟ੍ਰੇਨਿੰਗ ਸੈਸ਼ਨਾਂ ਵਿੱਚ ਹਿੱਸਾ ਲੈਣ ਅਤੇ ਜਨਗਣਨਾ ਕਾਰਜ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਪੂਰਾ ਕਰਨ ਵਿੱਚ ਪੂਰਾ ਸਹਿਯੋਗ ਦੇਣ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਜਨਗਣਨਾ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰਹਾਜ਼ਰੀ ਜਾਂ ਰੁਕਾਵਟ ਬਿਨਾਂ ਕਿਸੇ ਹੋਰ ਨੋਟਿਸ ਦੇ ਸਖ਼ਤ ਕਾਰਵਾਈ ਦਾ ਕਾਰਨ ਬਣੇਗੀ। Newsline Express
