???? ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ
???? ਸਿਹਤ ਮੰਤਰੀ ਨੇ 45 ਲੱਖ ਦੀ ਲਾਗਤ ਨਾਲ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਕਰਵਾਈ ਸ਼ੁਰੂਆਤ
ਪਟਿਆਲਾ, 1 ਜੂਨ: ਨਿਊਜ਼ਲਾਈਨ ਐਕਸਪ੍ਰੈਸ –
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰਸ਼ਹਿਰ, ਵਾਰਡ ਅਤੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਅਬਚਲ ਨਗਰ ਦੇ ਵਸਨੀਕਾਂ ਵੱਲੋਂ ਬਰਸਾਤੀ ਮੌਸਮ ਦੌਰਾਨ ਗਲੀਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਸਮੱਸਿਆ ਦੇ ਸਥਾਈ ਹੱਲ ਲਈ 45 ਲੱਖ ਰੁਪਏ ਦੀ ਲਾਗਤ ਨਾਲ ਸਟਰੌਮ ਸੀਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਇਲਾਕੇ ਦੀਆਂ ਪੰਜ ਗਲੀਆਂ ਵਿੱਚ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਵਿਕਾਸ ਨੂੰ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਿਤ ਰੱਖਣਾ ਨਹੀਂ, ਸਗੋਂ ਹਰ ਘਰ ਅਤੇ ਹਰ ਮੁਹੱਲੇ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਦੇ ਅਨੁਸਾਰ ਵਿਕਾਸ ਕਾਰਜਾਂ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਹਰ ਖੇਤਰ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਟਰੌਮ ਸੀਵਰ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬਚਲ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਸਮੁੱਚੀ ਜੀਵਨ ਸ਼ੈਲੀ ਵਿੱਚ ਸੁਧਾਰ ਆਵੇਗਾ। ਇਲਾਕਾ ਨਿਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਨ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ।
Newsline Express
