ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਤੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਵੱਲੋਂ ਵੱਖ-ਵੱਖ ਕੈਂਪਾਂ ਦਾ ਜਾਇਜ਼ਾ
-ਕਿਹਾ, ਜਿਨ੍ਹਾਂ ਨਾਗਰਿਕਾਂ ਨੇ ਹਾਲੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ
-ਵੋਟਰਾਂ ਦੀ ਸਹਾਇਤਾ ਲਈ ਬੀਐਲਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ
ਪਟਿਆਲਾ, 11 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਵੀ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹਿਣਗੇ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਏਡੀਸੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਜਾਂ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
