ਪਟਿਆਲਾ, 29 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਪ੍ਰਕਿਰਿਆ ਅਧੀਨ ਗਿਣਤੀ ਫਾਰਮਾਂ ਦਾ 100 ਫੀਸਦੀ ਡਿਜੀਟਾਈਜੇਸ਼ਨ ਮੁਕੰਮਲ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੂੰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਰਦੇਵ ਸਿੰਘ ਧੰਮ ਵੱਲੋਂ ਆਪਣੇ ਦਫ਼ਤਰ ਵਿਖੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਐਲ.ਓਜ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਚੋਣ ਪ੍ਰਕਿਰਿਆ ਲਈ ਬਹੁਤ ਮਹੱਤਵਪੂਰਨ ਕਰਾਰ ਦਿੱਤਾ ਗਿਆ।

ਸ੍ਰੀ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਚੋਣ ਕਮਿਸ਼ਨ ਦੀ ਇੱਕ ਅਹਿਮ ਮੁਹਿੰਮ ਹੈ, ਜਿਸ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਬੀ.ਐਲ.ਓਜ਼ ਨੇ ਗਿਣਤੀ ਫਾਰਮਾਂ ਦਾ 100 ਫੀਸਦੀ ਡਿਜੀਟਾਈਜੇਸ਼ਨ ਸਮੇਂ ਤੋਂ ਪਹਿਲਾਂ ਮੁਕੰਮਲ ਕਰਕੇ ਨਾ ਸਿਰਫ਼ ਆਪਣੀ ਕਾਰਗੁਜ਼ਾਰੀ ਦਾ ਪ੍ਰਮਾਣ ਦਿੱਤਾ ਹੈ, ਸਗੋਂ ਦੂਜੇ ਜ਼ਿਲ੍ਹਿਆਂ ਲਈ ਵੀ ਇੱਕ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ ਹੈ।


ਉਨ੍ਹਾਂ ਕਿਹਾ ਕਿ ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬੀ.ਐਲ.ਓਜ਼ ਨੇ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ। ਡਿਜੀਟਾਈਜੇਸ਼ਨ ਦਾ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨਾ ਉਨ੍ਹਾਂ ਦੀ ਮਿਹਨਤ, ਟੀਮ ਵਰਕ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਰਮਚਾਰੀ ਚੋਣ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।


ਉਨ੍ਹਾਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸਮੂਹ ਬੀ.ਐਲ.ਓ. ਇਸੇ ਤਰ੍ਹਾਂ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ, ਨਿਰਪੱਖਤਾ ਅਤੇ ਸਮਰਪਣ ਨਾਲ ਨਿਭਾਉਂਦੇ ਰਹਿਣਗੇ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ। Newsline Express
