newslineexpres

Home Latest News ਡਿਪਟੀ ਕਮਿਸ਼ਨਰ ਨੇ ਝੋਨੇ ਦੀ ਅਲਾਟਮੈਂਟ ਕਰਵਾਉਣ ‘ਚ ਦੇਰੀ ਕਰਨ ਵਾਲੇ ਸ਼ੈਲਰ ਮਿਲਰਾਂ ਨੂੰ ਰਜਿਸਟ੍ਰੇਸ਼ਨ ਤੁਰੰਤ ਕਰਵਾਉਣ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਅਲਾਟਮੈਂਟ ਕਰਵਾਉਣ ‘ਚ ਦੇਰੀ ਕਰਨ ਵਾਲੇ ਸ਼ੈਲਰ ਮਿਲਰਾਂ ਨੂੰ ਰਜਿਸਟ੍ਰੇਸ਼ਨ ਤੁਰੰਤ ਕਰਵਾਉਣ ਲਈ ਕਿਹਾ

by Newslineexpres@1

-ਡੀ.ਐਫ.ਐਸ.ਸੀ. ਨੂੰ ਦੇਰੀ ਕਰਨ ਵਾਲੇ ਮਿਲਰਾਂ ਲਈ ਅਲਾਟ ਹੋਣ ਵਾਲੇ ਝੋਨੇ ‘ਤੇ ਕੱਟ ਲਗਾਉਣ ਦੀ ਹਦਾਇਤ
-ਝੋਨੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ, ਖਰੀਦੀ ਫ਼ਸਲ ਦੀ ਕਿਸਾਨਾਂ ਨੂੰ ਨਾਲੋ-ਨਾਲ ਹੋਵੇਗੀ ਅਦਾਇਗੀ-ਕੁਮਾਰ ਅਮਿਤ
-ਖਰੀਫ਼ ਸੀਜ਼ਨ ਨਿਰਵਿਘਨ ਮੁਕੰਮਲ ਕਰਨ ਦੇ ਪ੍ਰਬੰਧਾਂ ਦਾ ਡੀ.ਸੀ. ਨੇ ਲਿਆ ਜਾਇਜ਼ਾ
-ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਵੱਲੋਂ ਜ਼ਿਲ੍ਹੇ ਦੇ 569 ਸ਼ੈਲਰਾਂ ਦਾ ਨਿਰੀਖਣ, ਊਣਤਾਈਆਂ ਹੋਣ ਕਾਰਨ 16 ਨੂੰ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ, 30 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਝੋਨੇ ਦੇ ਭੰਡਾਰਨ ਲਈ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਸ਼ੈਲਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਕੋਲੋਂ ਤੁਰੰਤ ਆਪਣੀ ਰਜਿਸਟ੍ਰੇਸ਼ਨ/ਅਲਾਟਮੈਂਟ ਕਰਵਾਉਣ। ਮੌਜੂਦਾ ਖਰੀਫ਼ ਸੀਜਨ ਲਈ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਨੂੰ ਹਦਾਇਤ ਕੀਤੀ ਕਿ 5 ਅਕਤੂਬਰ ਤੱਕ ਆਪਣੀ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਸ਼ੈਲਰਾਂ ਨੂੰ ਅਲਾਟ ਹੋਣ ਵਾਲੇ ਝੋਨੇ ਦੇ ਭੰਡਾਰਨ ਵਾਲੇ ਕੋਟੇ ‘ਤੇ ਕੱਟ ਲਗਾਇਆ ਜਾਵੇ।
ਇਸੇ ਦੌਰਾਨ ਡੀ.ਐਫ.ਐਸ.ਸੀ. ਪਟਿਆਲਾ ਨਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ 569 ਸ਼ੈਲਰ ਹਨ ਅਤੇ ਝੋਨੇ ਦੀ ਨਿਰਵਿਘਨ ਖਰੀਦ ਮਗਰੋਂ, ਫ਼ਸਲ ਦੇ ਉਚਿਤ ਭੰਡਾਰਨ ਲਈ, ਖੁਰਾਕ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵੱਲੋਂ ਸ਼ੈਲਰਾਂ ਦਾ ਨਿਰੀਖਣ ਕੀਤਾ ਗਿਆ ਅਤੇ ਊਣਤਾਈਆਂ ਪਾਏ ਜਾਣ ਕਾਰਨ 16 ਸ਼ੈਲਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਅਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕਿਰਪਾਲ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਖਰੀਦ ਦੇ ਮੁਕੰਮਲ ਕੀਤੇ ਪੁਖ਼ਤਾ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਮੰਡੀਆਂ ‘ਚ ਖਰੀਦੀ ਫ਼ਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਵੀ ਨਾ ਲਗਾਉਣ।
ਇਸ ਦੌਰਾਨ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ‘ਚ ਇਸ ਵਾਰ 13.31 ਲੱਖ ਮੀਟਰਿਕ ਟਨ ਝੋਨੇ ਦੀ ਫ਼ਸਲ ਆਉਣ ਦੀ ਸੰਭਾਵਨਾ ਹੈ, ਜਿਸ ਲਈ ਖਰੀਦ, ਅਦਾਇਗੀ, ਬਾਰਦਾਨਾ, ਟ੍ਰਾਂਸਪੋਰਟ ਤੇ ਭੰਡਾਰਨ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਤੋਂ ਬਾਹਰੋਂ ਤੇ ਖਾਸ ਕਰਕੇ ਗੁਆਂਢੀ ਰਾਜ ਹਰਿਆਣਾ ਦੇ ਅੰਬਾਲਾ, ਚੀਕਾ, ਜੀਂਦ, ਕੈਥਲ ਤੇ ਹੋਰਨਾਂ ਥਾਵਾਂ ਤੋਂ ਆਉਣ ਵਾਲੇ ਝੋਨੇ ਦੀ ਆਮਦ ਰੋਕਣ ਲਈ 7 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਪੁਲਿਸ ਨਾਲ ਮਿਲਕੇ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।
ਡਿਪਟੀ ਕਮਿਸ਼ਨਰ ਨੇ ਮੀਟਿੰਗ ‘ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਨੂੰ ਹਦਾਇਤ ਕੀਤੀ ਕਿ ਮੰਡੀਆਂ ‘ਚ ਝੋਨੇ ਦੀ ਖਰੀਦ ਸਬੰਧੀਂ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਅਤੇ ਜੇਕਰ ਕੋਈ ਆੜਤੀਆ ਖਰੀਦ ‘ਚ ਕੋਈ ਗ਼ੈਰ ਕਾਨੂੰਨੀ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਨਾਲ ਹੀ ਬਰਸਾਤ ਦੀ ਸੰਭਾਵਨਾ ਦੇ ਮੱਦੇਨਜ਼ਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਂਉਣ ਦੀ ਵੀ ਹਦਾਇਤ ਕੀਤੀ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚ ਭਾਰਤੀ ਖੁਰਾਕ ਨਿਗਮ, ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ ਖਰੀਦ ਕੀਤੀ ਜਾਵੇਗੀ ਤੇ ਜ਼ਿਲ੍ਹੇ ‘ਚ ਖਰੀਦੇ ਝੋਨੇ ਦੀ ਢੋਆ-ਢੁਆਈ ਨਾਲ ਸਬੰਧਤ ਲੇਬਰ/ਕਾਰਟੇਜ ਦੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਪੁਖ਼ਤਾ ਹਨ। ਮੀਟਿੰਗ ‘ਚ ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਮੌਜੂਦ ਸਨ।

Related Articles

Leave a Comment