ਪਟਿਆਲਾ, 3 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਟਿਆਲਾ ਦੇ ਬੱਸ ਸਟੈਂਡ ਵਿਖੇ ਪੀਆਰਟੀਸੀ ਦੇ ਠੇਕਾ, ਕੰਟਰੈਕਟ ਤੇ ਆਊਟਸੋਰਸ ‘ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਨਹੀਂ ਕਰਨ ‘ਤੇ ਮੋਰਚਾ ਖੋਲ੍ਹ ਦਿੱਤਾ। ਕਰਮਚਾਰੀਆਂ ਵੱਲੋਂ ਬੱਸ ਸਟੈਂਡ ਦਾ ਮੁੱਖ ਗੇਟ ਵੀ ਬੰਦ ਕਰ ਦਿੱਤਾ ਤੇ ਉਥੇ ਹੀ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਦਾ ਕਹਿਣਾ ਸੀ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਹਮੇਸ਼ਾ ਹੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਦੋ ਘੰਟਿਆਂ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪੀਆਰਟੀਸੀ ਪਨਬੱਸ ਤੇ ਪੰਜਾਬ ਰੋਡਵੇਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਪੀਆਰਟੀਸੀ ਇੱਕੋ ਇਕ ਮਹਿਕਮਾ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਉਧਾਰ ਦੇ ਖ਼ਜ਼ਾਨਾ ਭਰਨ ਲਈ ਸਭ ਤੋਂ ਵੱਡਾ ਰੋਲ ਨਿਭਾ ਰਿਹਾ ਹੈ। ਇਨ੍ਹਾਂ ਕੰਮ ਕਰਨ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਅੱਜ ਠੇਕਾ ਆਊਟਸੋਰਸ ਤੇ ਕੰਟਰੈਕਟਰ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ। ਪਿਛਲੇ ਦਿਨੀਂ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਹ ਵਾਅਦਾ ਸਰਕਾਰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ। ਇਸ ਦੇ ਰੋਸ ਵਜੋਂ ਯੂਨੀਅਨ ਵੱਲੋਂ ਅੱਜ ਦੋ ਘੰਟਿਆਂ ਲਈ ਬੱਸ ਸਟੈਂਡ ਪੰਜਾਬ ਭਰ ਦੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸੱਤ ਦਸੰਬਰ ਤਕ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾਵੇਗੀ।