ਸਮਾਣਾ, ਪਟਿਆਲਾ, 6 ਜਨਵਰੀ : ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਆਪਣੀ ਜ਼ਿੰਮੇਵਾਰੀਆਂ ਤੋਂ ਭੱਜਣ ਨੂੰ ਲੈ ਕੇ ਨਿੰਦਾ ਕੀਤੀ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਭਾਰੀ ਗਲਤੀ ਹੋਈ ਸੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਸਲੀ ਆਗੂ ਜ਼ਿੰਮੇਵਾਰੀਆਂ ਲੈਂਦੇ ਹਨ, ਨਾ ਕਿ ਦੂਜਿਆਂ ਦੇ ਸਿਰ ਭਾਂਡਾ ਫੋੜ ਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਗਵਾਈ ਨਹੀਂ, ਸਗੋਂ ਕਾਇਰਤਾ ਦੀ ਨਿਸ਼ਾਨੀ ਹੈ, ਜਿਹੜੇ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਚ ਹੋਈ ਵੱਡੀ ਗਲਤੀ ਲਈ ਦੂਸਰਿਆਂ ਤੇ ਦੋਸ਼ ਸੁੱਟ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਵਿਅਕਤੀਗਤ ਤੌਰ ਤੇ ਬਠਿੰਡਾ ਏਅਰਪੋਰਟ ਤੇ ਸਵਾਗਤ ਨਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦੀ ਆਲੋਚਨਾ ਵੀ ਕੀਤੀ।
ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਰੇਲਵੇ ਲਾਈਨਾਂ ਤੇ ਜਾਮ ਲਗਾਉਣਾ ਬੰਦ ਕਰ ਦੇਣ, ਬਲਕਿ ਉਨ੍ਹਾਂ ਨੂੰ ਆਪਣੇ ਤੇ ਪੰਜਾਬ ਦੇ ਹਿੱਤਾਂ ਉਪਰ ਧਿਆਨ ਦੇਣਾ ਚਾਹੀਦਾ ਹੈ ਅਤੇ ਉਹ ਬੀਤੇ ਸਮੇਂ ਦੀ ਤਰ੍ਹਾਂ ਉਨ੍ਹਾਂ ਨੂੰ ਸਮਰਥਨ ਦੇਣਗੇ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਟਿਕਰੀ ਅਤੇ ਸਿੰਘੂ ਬਾਰਡਰ ਤੇ ਧਰਨਾ ਦੇਣ ਦੌਰਾਨ ਕਿਸਾਨਾਂ ਨੂੰ ਸਮਰਥਨ ਦਿੱਤਾ ਸੀ ਅਤੇ ਸਿਰਫ਼ ਇੰਨਾ ਹੀ ਨਹੀਂ, ਪ੍ਰਦਰਸ਼ਨ ਦੌਰਾਨ ਮਰਨ ਵਾਲੇ ਕਿਸਾਨਾਂ ਲਈ ਉਨ੍ਹਾਂ ਨੇ ਪ੍ਰਤੀ ਪਰਿਵਾਰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਅਤੇ ਇਕ-ਇਕ ਸਰਕਾਰੀ ਨੌਕਰੀ ਵੀ ਦਿੱਤੀ ਸੀ।
ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਬੀਤੇ ਦਿਨ ਦੀ ਘਟਨਾ ਦੇ ਕਾਰਨ ਪੰਜਾਬ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਜਾ ਰਹੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਦੇਖ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹੋਰਨਾਂ ਖੇਤਰਾਂ ਚ ਵੀ ਪੰਜਾਬ ਨੁਕਸਾਨ ਹੋਇਆ ਹੈ, ਕਿਉਂਕਿ ਪ੍ਰਧਾਨ ਮੰਤਰੀ ਨੇ 43 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨਾ ਸੀ, ਜਿਨ੍ਹਾਂ ਚ ਕੁਝ ਹਸਪਤਾਲ ਤੇ ਸੜਕਾਂ ਵੀ ਸ਼ਾਮਲ ਸਨ ਅਤੇ ਹੁਣ ਇਨ੍ਹਾਂ ਚ ਦੇਰੀ ਹੋ ਗਈ ਹੈ।
ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਸਾਵਧਾਨੀ ਨਾਲ ਵੋਟ ਦੇਣ ਅਤੇ ਅਰਵਿੰਦ ਕੇਜਰੀਵਾਲ ਤੇ ਨਵਜੋਤ ਸਿੰਘ ਸਿੱਧੂ ਵਰਗੇ ਲੋਕਾਂ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਚ ਨਾ ਫਸਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕੇਜਰੀਵਾਲ ਹਰ ਮਹਿਲਾ ਨੂੰ ਇੱਕ ਹਜਾਰ ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਦੇ ਹਨ, ਤਾਂ ਸਿੱਧੂ ਦੋ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦਿੱਤੇ ਜਾਣ, ਤਾਂ ਸੂਬੇ ਚ ਸਿਰਫ਼ ਇਸ ਲਈ 1 ਲੱਖ 20 ਹਜ਼ਾਰ ਕਰੋੜ ਰੁਪਏ ਦੀ ਲੋੜ ਪਵੇਗੀ, ਕਿਉਂਕਿ ਸੂਬੇ ਦੀ ਕੁੱਲ ਜਨਸੰਖਿਆ ਚ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਹ ਆਰਥਿਕ ਤੌਰ ਤੇ ਮੁਮਕਿਨ ਹੈ, ਕਿਉਂਕਿ ਪੰਜਾਬ ਪੰਜ ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਹੈ?
ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਸੂਬੇ ਅੰਦਰ ਅਗਲੀ ਸਰਕਾਰ ਬਣਾਉਣਗੇ, ਕਿਉਂਕਿ ਲੋਕ ਬਦਲਾਅ ਚਾਹੁੰਦੇ ਹਨ। ਇਹ ਚੋਣਾਂ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਹਨ ਤੇ ਜਦੋਂ ਤੱਕ ਸੂਬਾ ਸੁਰੱਖਿਅਤ ਅਤੇ ਸ਼ਾਂਤ ਨਹੀਂ ਰਹੇਗਾ, ਉਹ ਤਰੱਕੀ ਨਹੀਂ ਕਰ ਸਕਦਾ। ਤਰੱਕੀ ਤੇ ਖੁਸ਼ਹਾਲੀ ਲਈ ਸ਼ਾਂਤੀ ਨਾ ਸਿਰਫ਼ ਅੱਜ, ਸਗੋਂ ਆਉਣ ਵਾਲੀ ਪੀੜ੍ਹੀਆਂ ਵਿੱਚ ਲਈ ਵੀ ਜ਼ਰੂਰੀ ਹੈ।