ਨਵੀਂ ਦਿੱਲੀ – 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਯਾਨੀ PMGKAY ਦੀ ਮਿਆਦ ਛੇ ਮਹੀਨੇ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਤੰਬਰ 2022 ਤੱਕ ਮੁਫ਼ਤ ਰਾਸ਼ਨ ਮਿਲੇਗਾ। ਕਾਬਲੇਗੌਰ ਹੈ ਕਿ ਸਾਲ 2020 ਤੋਂ ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਦਾ ਐਲਾਨ ਮਾਰਚ 2020 ਵਿੱਚ ਕੀਤਾ ਗਿਆ ਸੀ। ਸ਼ੁਰੂ ਵਿੱਚ ਇਹ ਸਕੀਮ ਅਪ੍ਰੈਲ-ਜੂਨ 2020 ਦੀ ਮਿਆਦ ਲਈ ਸ਼ੁਰੂ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸਨੂੰ 30 ਨਵੰਬਰ, 2021 ਅਤੇ 31 ਮਾਰਚ, 2022 ਤੱਕ ਵਧਾ ਦਿੱਤਾ ਗਿਆ। PMGKAY ਤਹਿਤ 80 ਕਰੋੜ ਤੋਂ ਵੱਧ ਲੋਕਾਂ ਨੂੰ ਪ੍ਰਤੀ ਮਹੀਨਾ 5 ਕਿਲੋ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ ਮੁਫਤ ਰਾਸ਼ਨ ਲਈ 80 ਕਰੋੜ ਰਾਸ਼ਨ ਕਾਰਡ ਧਾਰਕਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਵੰਡੇ ਜਾਣ ਵਾਲੇ ਸਬਸਿਡੀ ਵਾਲੇ ਅਨਾਜ ਤੋਂ ਇਲਾਵਾ ਮੁਫ਼ਤ ਰਾਸ਼ਨ ਦਿੱਤਾ ਜਾਂਦਾ ਹੈ।