ਕੋਲੰਬੋ, 2 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਦੀ ਨਿੱਜੀ ਰਿਹਾਇਸ਼ ਨੇੜੇ ਬੈਰੀਕੇਡਾਂ ‘ਤੇ ਧਾਵਾ ਬੋਲ ਦਿੱਤਾ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ। ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਫੈਸਲੇ ਨਾਲ ਫੌਜ ਨੂੰ ਅਸੀਮਤ ਸ਼ਕਤੀ ਮਿਲ ਗਈ ਹੈ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਹਿੰਸਕ ਪ੍ਰਦਰਸ਼ਨ ਨੂੰ ਰੋਕਣ ‘ਚ ਮਦਦ ਮਿਲੇਗੀ।
ਸ਼੍ਰੀਲੰਕਾ ਵਿੱਚ 1 ਅਪ੍ਰੈਲ 2022 ਤੋਂ ਜਨਤਕ ਐਮਰਜੈਂਸੀ ਐਲਾਨ ਕੀਤੀ ਗਈ ਹੈ। ਇਸ ਸਬੰਧੀ ਇੱਕ ਗਜ਼ਟ ਵੀ ਜਾਰੀ ਕੀਤਾ ਗਿਆ ਹੈ। ਦਰਅਸਲ ਸ਼੍ਰੀਲੰਕਾ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਲੋਕ ਸੜਕਾਂ ‘ਤੇ ਆ ਗਏ ਹਨ। ਵੀਰਵਾਰ ਨੂੰ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਘਰ ਦੇ ਬਾਹਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਵਿਸ਼ਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗੁੱਸੇ ‘ਚ ਆਏ ਲੋਕਾਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ।