newslineexpres

Joe Rogan Podcasts You Must Listen
Home Chandigarh ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

by Newslineexpres@1

????ਮੁੱਖ ਮੰਤਰੀ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ
????ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ
????ਕਿਸਾਨਾਂ ਨੂੰ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਦੀ ਅਪੀਲ


ਚੰਡੀਗੜ, 30 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ –
          ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰ ਸਕਦੇ ਹਨ।
ਇਕ ਵੀਡੀਓ ਸੰਦੇਸ ਰਾਹੀਂ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗੀ ਸਗੋਂ ਖੇਤੀਬਾੜੀ ਵਿਭਾਗ ਇਸ ਤਕਨੀਕ ਨੂੰ ਅਪਣਾਉਣ ਵਿਚ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਵੀ ਦੇਵੇਗਾ।
ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨੇ ਦੀ ਲੁਆਈ ਕਾਰਨ ਪਾਣੀ ਦੀ ਵੱਧ ਖਪਤ ਹੁੰਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲੇ ਜਾ ਚੁੱਕਾ ਹੈ ਅਤੇ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਕਈ ਜ਼ਿਲੇ ਤਾਂ ਰੈੱਡ ਜ਼ੋਨ ਵਿਚ ਆ ਚੁੱਕੇ ਹਨ। 
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, “ਇਸ ਵਾਰ ਨਾ ਸਿਰਫ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਓ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਆਪਾਂ ਸਾਰੇ ਇਕਜੁਟ ਹੋ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਰਲ-ਮਿਲ ਕੇ ਹੰਭਲਾ ਮਾਰ ਸਕੀਏ।”
ਖੇਤੀ ਵਿਗਿਆਨੀਆਂ ਵੱਲੋਂ ਈਜਾਦ ਕੀਤੀਆਂ ਨਵੀਂਆਂ ਖੋਜਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ ’ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਉਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। 
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 17 ਅਪ੍ਰੈਲ ਨੂੰ 24 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਾਉਣੀ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਸੀ ਤਾਂ ਕਿ ਸੂਬੇ ਦੇ ਬਹੁਮੁੱਲੇ ਵਸੀਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜਰ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

Related Articles

Leave a Comment