???? ਜਥੇਦਾਰ ਪੰਜੋਲੀ ਨੇ ਜੇਰੇ ਇਲਾਜ ਬਲਵਿੰਦਰ ਸਿੰਘ ਨਾਲ ਕੀਤੀ ਮੁਲਾਕਾਤ
???? ਆਪ ਦੇ ਸੱਤਾ ’ਚ ਆਉਣ ਤੋਂ ਬਾਅਦ ਬੇਕਸੂਰ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ’ਚ ਫਸਾਉਣਾ ਗਲਤ : ਜਥੇਦਾਰ ਕਰਨੈਲ ਸਿੰਘ ਪੰਜੌਲੀ
???? ਪੁਰਾਣੇ ਕੇਸਾਂ ਦੀ ਤਫਤੀਸ਼ ਦੇ ਆਧਾਰ ’ਤੇ ਪਰਵਾਨਾ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ : ਜਥੇਦਾਰ ਪੰਜੋਲੀ
ਪਟਿਆਲਾ 5 ਮਈ – ਨਿਊਜ਼ਲਾਈਨ ਐਕਸਪ੍ਰੈਸ –
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪਟਿਆਲਾ ਹਿੰਸਾ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਣ ਤੋਂ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਬਲਵਿੰਦਰ ਸਿੰਘ ਅਜਨਾਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਇਸ ਮੌਕੇ ਜਥੇਦਾਰ ਪੰਜੌਲੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਬਲਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਸਮੇਂ ਸਮੇਂ ’ਤੇ ਮੁਆਇਨਾ ਵੀ ਕੀਤਾ ਜਾ ਰਿਹਾ ਹੈ, ਇਸਦੇ ਨਾਲ ਹੀ ਡਾਕਟਰਾਂ ਨੇ ਬਲਵਿੰਦਰ ਸਿੰਘ ਦੇ ਜਲਦ ਠੀਕ ਹੋਣ ਦੀ ਗੱਲ ਮੰਨੀ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਬਲਵਿੰਦਰ ਸਿੰਘ ਦਾ ਜ਼ਖ਼ਮ ਵੀ ਭਰਨ ਲੱਗਾ, ਜਿਨ੍ਹਾਂ ਦੀ ਹਸਪਤਾਲ ’ਚੋਂ ਜਲਦ ਹੀ ਛੁੱਟੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਸਮੇਂ ਸਮੇਂ ’ਤੇ ਉਨ੍ਹਾਂ ਦੀ ਸਿਹਤ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਰਿਪੋਰਟ ਦੇ ਆਧਾਰ ’ਤੇ ਹੀ ਅਗਲੀ ਪ੍ਰਕਿਰਿਆ ਵੱਲ ਵਧਿਆ ਜਾਵੇਗਾ। ਇਸ ਮੌਕੇ ਜਥੇਦਾਰ ਪੰਜੋਲੀ ਨੇ ਸਿੱਖ ਨੌਜਵਨ ਬਲਜਿੰਦਰ ਸਿੰਘ ਪਰਵਾਨਾ ਦਾ ਮੁੜ ਰਿਮਾਂਡ ਲਏ ਜਾਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਵਾਰ ਵਾਰ ਪੁਲਿਸ ਪ੍ਰਸ਼ਾਸਨ ਵੱਲੋਂ ਰਿਮਾਂਡ ਲਿਆ ਜਾਣਾ ਠੀਕ ਕਦਮ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਕੇਸਾਂ ਦੀ ਤਫਤੀਸ਼ ਦੇ ਆਧਾਰ ’ਤੇ ਇਸ ਤਰ੍ਹਾਂ ਪਰਵਾਨਾ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਵਿਚ ਅਮਨ ਸ਼ਾਂਤੀ ਭੰਗ ਹੋ ਚੁੱਕੀ ਹੈ ਅਤੇ ਇਸ ਤਰ੍ਹਾਂ ਦੀਆਂ ਹਿੰਸਕ ਤਰ੍ਹਾਂ ਵਾਰਦਾਤਾਂ ਦਾ ਵਾਪਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਤੋਂ ਬਾਅਦ ਹਿੰਦੂ ਸਿੱਖ ਭਾਈਚਾਰਕ ਏਕਤਾ ਨੂੰ ਤਾਰੋਪੀਡ ਕਰਨਾ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ’ਚ ਫਸਾਉਣਾ ਗਲਤ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
*Newsline Express*