ਭਗਵੰਤ ਮਾਨ ਨੇ ਇੱਕ ਕੱਟੜ ਇਮਾਨਦਾਰ ਇਨਸਾਨ ਹੋਣ ਦਾ ਦਿੱਤਾ ਸਬੂਤ : ਵਿਜੇ ਕਪੂਰ
ਪੰਜਾਬ ਵਿੱਚ ” ਰਾਮ ਰਾਜ ਦੀ ਸ਼ੁਰੂਆਤ “: ਵਿਜੇ ਕਪੂਰ
ਪਟਿਆਲਾ, 24 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਨਾਲ ਸਖਤ ਕਾਰਵਾਈ ਕਰਨ ਦੇ ਹੁਕਮ ਦੇਣ ਦੇ ਮਾਮਲੇ ਉਤੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਜੇ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਰਪੂਰ ਸ਼ਲਾਘਾ ਕੀਤੀ ਹੈ। ਵਿਜੇ ਕਪੂਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਪੰਜਾਬ ਦੀਆਂ ਵੱਡੀਆਂ ਸਮੱਸਿਆਵਾਂ ਹਨ ਅਤੇ ਇਨ੍ਹਾਂ ‘ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਵੱਲੋਂ ਸਿੱਧੇ ਤੌਰ ‘ਤੇ ਰਿਸ਼ਵਤ ਦੀ ਮੰਗ ਕਰਨਾ ਬਹੁਤ ਮੰਦਭਾਗੀ ਗੱਲ ਹੈ ਪਰ ਖੁਸ਼ੀ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਉਕਤ ਕਥਿਤ ਦੋਸ਼ੀ ਮੰਤਰੀ ਨੂੰ ਬਿਨਾਂ ਕਿਸੇ ਦੇਰੀ ਦੇ ਬਰਖਾਸਤ ਕਰ ਦਿੱਤਾ ਅਤੇ ਪੁਲਿਸ ਨੂੰ ਪਰਚਾ ਦਰਜ਼ ਕਰਕੇ ਕਾਰਵਾਈ ਕਰਨ ਦੇ ਹੁਕਮ ਦਿੱਤੇ। ਵਿਜੈ ਕਪੂਰ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦਾ ਸਵਾਗਤ ਕਰਦੇ ਹਨ ਅਤੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਵਿੱਚ “ਰਾਮ ਰਾਜ” ਸ਼ੁਰੂ ਹੋ ਗਿਆ ਹੈ।
ਕਪੂਰ ਨੇ ਕਿਹਾ ਕਿ ਪਿਛਲੀ ਸਰਕਾਰ ‘ਚ ਪੰਜਾਬ ਨੂੰ ਕਾਫੀ ਕੁੱਝ ਝੱਲਣਾ ਪਿਆ ਸੀ। ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਸਿਖਰਾਂ ‘ਤੇ ਪਹੁੰਚ ਗਈ ਹੈ। ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਸੀ, ਪਰ ਭਗਵੰਤ ਮਾਨ ਦੀ ਸਰਕਾਰ ਆਸ ਦੀ ਕਿਰਨ ਲੈ ਕੇ ਆਈ ਹੈ। ਵਿਜੇ ਕਪੂਰ ਨੇ ਕਿਹਾ ਕਿ ਉਹ ਮਾਨ ਸਰਕਾਰ ਦੇ ਕਾਰਜਕਾਲ ਦੇ ਪਹਿਲੇ ਦੋ ਮਹੀਨਿਆਂ ਤੋਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਡਾ ਵਿਜੇ ਸਿੰਗਲਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਉਨ੍ਹਾਂ ਲੋਕਾਂ ਲਈ ਚੇਤਾਵਨੀ ਹੈ ਜੋ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹਨ ਅਤੇ ਆਮ ਲੋਕਾਂ ਦਾ ਖੂਨ ਚੂਸਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸੇ ਤਰ੍ਹਾਂ ਕੰਮ ਕਰਨਾ ਜਾਰੀ ਰੱਖਿਆ ਤਾਂ ਜਲਦੀ ਹੀ ਪੰਜਾਬ ਨਸ਼ਿਆਂ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੀ ਦਲਦਲ ਚੋਂ ਨਿਕਲ ਕੇ ਮੁੜ ਰੰਗਲਾ ਪੰਜਾਬ ਬਣ ਜਾਵੇਗਾ।
ਵਿਜੇ ਕਪੂਰ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ।