newslineexpres

Home Chandigarh ਸੰਗਰੂਰ ਜ਼ਿਮਨੀ ਚੋਣਾਂ ਲਈ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਉਮੀਦਵਾਰ

ਸੰਗਰੂਰ ਜ਼ਿਮਨੀ ਚੋਣਾਂ ਲਈ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਉਮੀਦਵਾਰ

by Newslineexpres@1
ਸੰਗਰੂਰ ਜ਼ਿਮਨੀ ਚੋਣ: ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਉਮੀਦਵਾਰ
 ਚੰਡੀਗੜ੍ਹ, 29 ਮਈ : ਨਿਊਜ਼ਲਾਈਨ ਐਕਸਪ੍ਰੈਸ – ਸੰਗਰੂਰ ਲੋਕ ਸਭਾ ਹਲਕੇ-12 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਹੋ ਜਾਵੇਗਾ ਅਤੇ ਉਮੀਦਵਾਰ 6 ਜੂਨ, 2022 ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 30 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ, 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਜੂਨ, 2022 ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 23 ਜੂਨ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ 26 ਜੂਨ, 2022 ਨੂੰ ਹੋਵੇਗੀ। ਚੋਣ 28 ਜੂਨ, 2022 ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ।
ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30.05.2022 ਤੋਂ 06.06.2022 ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾਣੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਗਰੂਰ ਸੰਸਦੀ ਹਲਕੇ-12 ਲਈ ਰਿਟਰਨਿੰਗ ਅਫ਼ਸਰ ਹਨ।
 ਜਾਣਕਾਰੀ ਅਨੁਸਾਰ 3 ਜੂਨ, 2022 ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ (ਸ਼ੁੱਕਰਵਾਰ) ਹੈ ਅਤੇ 4 ਜੂਨ, 2022 ਨੂੰ ਪਹਿਲਾ ਸ਼ਨੀਵਾਰ ਹੈ, ਜੋ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਵਾਲੇ ਦਿਨ ਨਹੀਂ ਹਨ; ਇਸ ਲਈ ਇਨ੍ਹਾਂ  ਦਿਨਾਂ ਦੌਰਾਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾ ਸਕਦਾ ਹੈ। ਹਾਲਾਂਕਿ 5 ਜੂਨ, 2022 ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਹੈ; ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਦਾਖ਼ਲ ਨਹੀਂ ਕੀਤੇ ਜਾ ਸਕਦੇ ਹਨ।
 ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ-12 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਰਿਟਰਨਿੰਗ ਅਫਸਰ ਕੋਲ ਖਾਲੀ ਫਾਰਮ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।
 ਡਾ. ਰਾਜੂ ਨੇ ਦੱਸਿਆ ਕਿ ਸੰਸਦੀ ਹਲਕੇ (ਲੋਕ ਸਭਾ) ਦੀ ਸੀਟ ਲਈ ਯੋਗ ਹੋਣ ਵਾਸਤੇ ਉਮੀਦਵਾਰ ਕਿਸੇ ਵੀ ਸੰਸਦੀ ਹਲਕੇ ਲਈ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ `ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਅੱਗੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨ ਲਈ ਇੱਕ ਸਰਟੀਫਿਕੇਟ ਦੀ ਵੀ ਲੋੜ ਹੁੰਦੀ ਹੈ। ਉਮੀਦਵਾਰ ਦੁਆਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ।
ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (25.05.2022) ਤੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Related Articles

Leave a Comment